Punjab Religion

SIT ਦੀ ਜਾਂਚ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਮੁਲਾਕਾਤ ਕਰਨ ਵਾਲੇ ਬਾਬਾ ਅਮਰੀਕ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਅਤੇ ਕੈਪਟਨ ਸਰਕਾਰ ਨੇ ਇਸ ਮਾਮਲੇ ਵਿੱਚ ਗੋਂਗਲੂਆਂ ਤੋਂ ਮਿੱਟੀ ਝਾੜੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਤਿੰਨ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੇ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਮੰਗਾਂ ਵਿੱਚ ਬੁਰਜ ਜਵਾਹਰ ਸਿੰਘ ਵਾਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਪਤਾ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ 20 ਜੁਲਾਈ 2020 ਨੂੰ ਕਲਿਆਣ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਬਾਰੇ ਵਿਚਾਰ ਕੀਤੀ ਗਈ ਸੀ।

ਅੱਜ ਸਾਨੂੰ ਪਤਾ ਲੱਗਾ ਹੈ ਕਿ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕੀਤਾ ਹੈ। ਇਹ ਕੇਸ 29 ਜੁਲਾਈ ਨੂੰ ਚਾਰਜ ਲੱਗੇਗਾ, ਉਸ ਤੋਂ ਦੋਸ਼ੀਆਂ ਬਾਰੇ ਪਤਾ ਲੱਗੇਗਾ। ਜਾਂਚ ਰਿਪੋਰਟ ਨੂੰ ਜਨਤਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਰਿਪੋਰਟ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ਿੰਮੇਵਾਰ ਦੱਸਦਿਆਂ ਮੁੱਖ ਸਾਜਿਸ਼ਕਰਤਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਖਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ 20 ਜੁਲਾਈ 2020 ਨੂੰ ਕਲਿਆਣ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ ਅਤੇ 90 ਦਿਨਾਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਨੇ ਤਿੰਨ ਮਹੀਨਿਆਂ ਦੇ ਅੰਦਰ ਦੋਸ਼ੀਆਂ ਦਾ ਪਤਾ ਲਾਉਣ, ਸਰੂਪ ਕਿੱਥੇ ਰੱਖਿਆ ਗਿਆ ਹੈ, ਬਾਰੇ ਜਨਤਕ ਕਰਨ ਬਾਰੇ ਦਾਅਵਾ ਕੀਤਾ ਹੈ।