ਪੰਜਾਬ ਵਿੱਚ ਅੱਜ ਵੱਖ ਵੱਖ ਥਾਈਂ ਵਾਪਰੇ ਸੜਕ ਹਾਦਸਿਆਂ ਵਿੱਚ ਛੇ ਜਣਿਆਂ ਦੀ ਮੌਤ ਹੋ ਗਈ। ਇਹ ਹਾਦਸੇ ਫਰੀਦਕੋਟ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਵਾਪਰੇ ਹਨ।
ਫਰੀਦਕੋਟ ਪਿੰਡ ਗੋਲੇਵਾਲਾ ਨੇੜੇ ਇੱਕ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸੰਤਪ੍ਰੀਤ ਸਿੰਘ, ਗੁਰਕੀਰਤਨ ਸਿੰਘ ਤੇ ਸਰਬਜੀਤ ਕੌਰ ਮੋਟਰਸਾਈਕਲ ’ਤੇ ਪਿੰਡ ਗੋਲੇਵਾਲਾ ਵੱਲ ਦਵਾਈ ਲੈਣ ਜਾ ਰਹੇ ਸਨ, ਜਿਨ੍ਹਾਂ ਨੂੰ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਪ੍ਰਤੱਖਦਰਸ਼ੀਆਂ ਨੇ ਜ਼ਖ਼ਮੀਆਂ ਨੂੰ ਤੁਰੰਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾ਼ਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੇ ਚਸ਼ਮਦੀਦ ਗੁਰਦੇਵ ਸਿੰਘ ਵੱਲੋਂ ਸਦਰ ਪੁਲੀਸ ਫ਼ਰੀਦਕੋਟ ਕੋਲ ਦਰਜ ਕਰਵਾਏ ਗਏ ਬਿਆਨ ਦੇ ਆਧਾਰ ’ਤੇ ਕਾਰ ਚਾਲਕ ਹਰਜੀਤ ਸਿੰਘ ਵਾਸੀ ਪਿੰਡ ਸੱਪਾਂਵਾਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਰਾਜ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।
ਖਰੜ ਲਾਂਡਰਾਂ-ਮਜਾਤ ਸੜਕ ’ਤੇ ਪਿੰਡ ਝੰਜੇੜੀ ਨੇੜੇ ਰਾਤੀ ਵਾਪਰੇ ਸੜਕ ਹਾਦਸੇ ਵਿੱਚ ਇੱਕ ਬੱਚੇ ਤੇ ਦੋ ਔਰਤਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਤਿੰਨੋਂ ਜਣੇ ਸੜਕ ਕਿਨਾਰੇ ਪੈਦਲ ਜਾ ਰਹੇ ਸਨ ਤੇ ਪਿੱਛਿਓਂ ਆ ਰਹੇ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਸਵਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਕੋਲੋਂ ਕੋਈ ਸ਼ਨਾਖ਼ਤੀ ਕਾਰਡ ਪ੍ਰਾਪਤ ਨਹੀਂ ਹੋਇਆ ਹੈ, ਜਿਸ ਕਾਰਨ ਹਾਲੇ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਮਰਨ ਵਾਲਿਆਂ ਵਿੱਚ ਇੱਕ ਦੀ ਉਮਰ 25 ਸਾਲ, ਦੂਜੇ ਦੀ 17 ਸਾਲ ਤੇ ਇੱਕ ਬੱਚੇ ਦੀ ਉਮਰ ਚਾਰ ਸਾਲ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕ ਦੇਹਾਂ ਨੂੰ ਸੈਕਟਰ 32 ਚੰਡੀਗੜ੍ਹ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।