India

ਸੰਯੁਕਤ ਕਿਸਾਨ ਮੋਰਚੇ ਦਾ ਨਵਾਂ ਐਲਾਨ, ਦੇਸ਼ ਭਰ ‘ਚ 26 ਨਵੰਬਰ ਨੂੰ ਹੋਵੇਗਾ ਇਹ ਕੰਮ

Samyukta Kisan Morcha

ਇਤਿਹਾਸਕ ਕਿਸਾਨ ਸੰਘਰਸ਼  ਦੀ ਦੂਜੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚਾ ( Samyukta Kisan Morcha) ਨੇ 26 ਨਵੰਬਰ 22 ਨੂੰ ਦੇਸ਼ ਭਰ ਵਿੱਚ ਕਿਸਾਨ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 14 ਨਵੰਬਰ 2022 ਨੂੰ ਦਿੱਲੀ ਵਿਖੇ ਹੋਵੇਗੀ।

ਸੰਯੁਕਤ ਮੋਰਚੇ ਦੀ ਤਾਲਮੇਲ ਕਮੇਟੀ ਅਤੇ ਡਰਾਫਟ ਕਮੇਟੀ ਦੀ ਆਨਲਾਈਨ ਮੀਟਿੰਗ ਅੱਜ ਸਮਾਪਤ ਹੋ ਗਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਵਿੱਚ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਜਾਰੀ ਹਨ ਅਤੇ ਸਾਰੇ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਰਾਜ ਭਵਨ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ 14 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾਵੇਗੀ। ਜਿਸ ਵਿੱਚ ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਮੁੱਦਿਆਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ

ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ 14 ਨਵੰਬਰ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਕਾਰਜਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ। ਜਿਸ ਨੂੰ ਲੈ ਕੇ ਕੋਆਰਡੀਨੇਟਿੰਗ ਕਮੇਟੀ ਅਤੇ ਡਰਾਫਟ ਕਮੇਟੀ ਦੇ ਮੈਂਬਰਾਂ ਵਿਚਕਾਰ ਚਰਚਾ ਚੱਲ ਰਹੀ ਹੈ। ਇਸ ਖਰੜੇ ਨੂੰ ਜਨਰਲ ਬਾਡੀ ਦੀ ਮੀਟਿੰਗ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਜੰਗਲਾਤ ਸੰਭਾਲ ਕਾਨੂੰਨ ਵਿੱਚ ਕੀਤੀਆਂ ਜਾ ਰਹੀਆਂ ਸੋਧਾਂ ਦੀ ਨਿਖੇਧੀ ਕੀਤੀ ਗਈ ਅਤੇ ਸ਼ਹੀਦ ਬਿਰਸਾ ਮੁੰਡਾ ਦੇ ਜਨਮ ਦਿਹਾੜੇ 15 ਨਵੰਬਰ ਨੂੰ ਇਸ ਵਿਰੁੱਧ ਦੇਸ਼ ਭਰ ਵਿੱਚ ਆਦਿਵਾਸੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਇਕਮੁੱਠਤਾ ਦਿਖਾਉਣ ਦਾ ਵੀ ਫੈਸਲਾ ਕੀਤਾ ਗਿਆ।

ਮੀਟਿੰਗ ਦੌਰਾਨ ਕਿਸਾਨ ਆਗੂ ਪਰਮਜੀਤ ਸਿੰਘ ਵੱਲੋਂ 380 ਦਿਨਾਂ ਤੋਂ ਲਗਾਤਾਰ ਚੱਲੇ ਕਿਸਾਨ ਅੰਦੋਲਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।