Punjab

MSP ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ ਦੀ ਹੋਵੇਗੀ ਸ਼ੁਰੂਆਤ,ਚੰਡੀਗੜ੍ਹ ਵੱਲ ਕੀਤਾ ਜਾਵੇਗਾ ਮਾਰਚ:ਸੰਯੁਕਤ ਕਿਸਾਨ ਮੋਰਚਾ

ਮੁਹਾਲੀ : ਸੰਯੁਕਤ ਕਿਸਾਨ ਮੋਰਚੇ ਦੀ ਅੱਜ ਮੁਹਾਲੀ ਵਿੱਖੇ ਮੀਟਿੰਗ ਹੋਈ ਹੈ,ਜਿਸ ਵਿੱਚ 33 ਜਥੇਬੰਦੀਆਂ ਸ਼ਾਮਲ ਹੋਈਆਂ ਹਨ। ਜਿਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਈ ਐਲਾਨ ਕੀਤੇ ਹਨ। ਜਿਹਨਾਂ ਵਿੱਚੋਂ ਇੱਕ ਅਹਿਮ ਐਲਾਨ ਇਹ ਵੀ ਹੈ ਕਿ ਐਮਐਸਪੀ ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੀ ਵਰੇਗੰਢ ਮੌਕੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ । ਰਾਜਾਪਾਲ ਨੂੰ ਇਸ ਤਰਾਂ ਨਾਲ ਮੰਗ ਪਤਰ ਦੇਣ ਲਈ ਸੱਦਾ ਪੂਰੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਗਿਆ ਹੈ।

ਇਸ ਮਾਰਚ ਤੋਂ ਪਹਿਲਾਂ ਕਿਸਾਨ ਮੋਰਚੇ ਦੇ ਆਗੂ ਅਤੇ ਹੋਰ ਕਿਸਾਨਾਂ ਵੱਲੋਂ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਭਾਰੀ ਇਕੱਠ ਕੀਤਾ ਜਾਵੇਗਾ। ਇਸ ਇਕੱਠ ਸਬੰਧੀ ਕਿਸਾਨ ਆਗੂਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਦੇ ਮੁਤਾਬਕ ਰੈਲੀ ਤੋਂ ਬਾਅਦ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਤਾਂ ਕੀਤੇ ਪਰ ਉਹਨਾਂ ਤੇ ਅਮਲ ਨਹੀਂ ਕੀਤਾ ਹੈ। ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਹਾਲੇ ਤੱਕ ਕੋਈ ਇਨਸਾਫ਼ ਹੋਇਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨ-ਮਜ਼ਦੂਰਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।ਪੰਜਾਬ ਦੀਆਂ ਸੜ੍ਹਕਾਂ ਤੋਂ ਇੱਕ ਮੋਰਚਾ ਅੱਜ ਹੀ ਖ਼ਤਮ ਹੋਇਆ ਹੈ ਪਰ ਇੰਝ ਲੱਗ ਰਿਹਾ ਹੈ ਕਿ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਹੁਣ ਦੁਬਾਰਾ ਸੰਘਰਸ਼ ਕਰਨ ਦੇ ਰੌਂਅ ਵਿੱਚ ਆ ਗਏ ਹਨ।