India Punjab Religion

ਸਮਾਜ ਸੁਧਾਰ ਸੰਸਥਾ ਵੱਲੋਂ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਆਸ-ਪਾਸ ਮੀਟ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ

ਮੱਧ ਪ੍ਰਦੇਸ਼ ਸਰਕਾਰ ਨੇ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਬਣਾਈ ਰੱਖਣ ਲਈ 17 ਸ਼ਹਿਰਾਂ ਵਿੱਚ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਸਮਾਜ ਸੁਧਾਰ ਸੰਸਥਾ ਪੰਜਾਬ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਲਾਘਾਯੋਗ ਕਦਮ ਦੱਸਿਆ। ਸੰਸਥਾ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਕਿਹਾ ਕਿ ਮੱਧ ਪ੍ਰਦੇਸ਼ ਸਰਕਾਰ ਨੇ ਕੈਬਨਟ ਮਤੇ ਰਾਹੀਂ ਇਹ ਪਾਬੰਦੀ ਲਗਾਈ, ਜੋ ਧਾਰਮਿਕ ਸਥਾਨਾਂ ਦੀ ਮਰਿਆਦਾ ਲਈ ਮਹੱਤਵਪੂਰਨ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਦੀਪ ਸਿੰਘ ਜੀ, ਸ੍ਰੀ ਦੁਰਗਿਆਣਾ ਮੰਦਿਰ ਅਤੇ ਵਾਲਮੀਕੀ ਮੰਦਿਰ ਵਰਗੇ ਪਵਿੱਤਰ ਅਸਥਾਨਾਂ ਦੇ ਆਸ-ਪਾਸ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਅਤੇ ਬੀੜੀ-ਸਿਗਰਟ ਵੇਚਣ ਵਾਲੀਆਂ ਦੁਕਾਨਾਂ ’ਤੇ ਪੂਰਨ ਪਾਬੰਦੀ ਲਗਾਈ ਜਾਵੇ। ਪਿਛਲੇ 12 ਸਾਲਾਂ ਤੋਂ ਸੰਸਥਾ ਇਹ ਮੰਗ ਉਠਾਉਂਦੀ ਆ ਰਹੀ ਹੈ, ਕਿਉਂਕਿ ਅਜਿਹੀਆਂ ਦੁਕਾਨਾਂ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਾਉਂਦੀਆਂ ਹਨ।

ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੱਧ ਪ੍ਰਦੇਸ਼ ਦੀ ਮਿਸਾਲ ’ਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਅਤੇ ਇਨ੍ਹਾਂ ਅਸਥਾਨਾਂ ਦੇ ਰਸਤਿਆਂ ’ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ ’ਤੇ ਬੰਦ ਕਰਨ ਦੀ ਲੋੜ ਹੈ। ਸੰਸਥਾ ਨੇ ਪਹਿਲਾਂ ਵੀ ਡੀਸੀ ਅਤੇ ਕੈਬਨਟ ਮੰਤਰੀ ਧਾਲੀਵਾਲ ਨੂੰ ਮੰਗ ਪੱਤਰ ਦਿੱਤੇ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਤੁਰੰਤ ਇਸ ਮੁੱਦੇ ’ਤੇ ਕਦਮ ਚੁੱਕਣ ਅਤੇ ਅੰਮ੍ਰਿਤਸਰ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣ ਦੀ ਬੇਨਤੀ ਕੀਤੀ।