The Khalas Tv Blog India ਇੱਕ ਫਿਰ ਜੇਲ੍ਹ ਤੋਂ ਬਾਹਰ ਆਇਆ ਸੌਧਾ ਸਾਧ, 21 ਦਿਨ ਲਈ ਰਾਮ ਰਹੀਮ ਨੂੰ ਮਿਲੀ ਫਰਲੋ
India

ਇੱਕ ਫਿਰ ਜੇਲ੍ਹ ਤੋਂ ਬਾਹਰ ਆਇਆ ਸੌਧਾ ਸਾਧ, 21 ਦਿਨ ਲਈ ਰਾਮ ਰਹੀਮ ਨੂੰ ਮਿਲੀ ਫਰਲੋ

ਚੰਡੀਗੜ੍ਹ : ਬਲਾਤਕਾਰੀ ਸਾਧ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਨੂੰ ਮਨਜ਼ੂਰੀ ਮਿਲ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ 21 ਦਿਨਾਂ ਤੱਕ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਅਜੇ ਦੋ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਵਿੱਚ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦੇਣ ਲਈ ਕਿਹਾ ਸੀ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ।

ਦੱਸ ਦਈਏ ਕਿ ਰਾਮ ਰਹੀਮ ਨੂੰ ਸਾਲ 2017 ਵਿੱਚ ਸਾਧਵੀ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਸ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਦੋਂ ਤੋਂ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਪਿਛਲੀ ਵਾਰ 19 ਜਨਵਰੀ ਨੂੰ ਸਰਕਾਰ ਨੇ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਸੀ, ਜੋ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਇਆ ਗਿਆ ਸੀ।

 

Exit mobile version