ਅੰਮ੍ਰਿਤਸਰ: ਅੱਜ ਮਿਤੀ 30 ਅਗਸਤ 2024 ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।
ਇਸ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਫੈਸਲੇ ਤੋਂ ਇਲਾਵਾ ਸਰਬਸੰਮਤੀ ਨਾਲ ਹੇਠ ਲਿਖੇ ਫੈਸਲੇ ਹੋਏ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਹੈ ਕਿ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਜੋੜ-ਮੇਲੇ ਭੈਅ-ਭਾਵਨੀ ਵਿੱਚ ਰਹਿ ਕੇ ਗੁਰਮਤਿ ਤੋਂ ਸੇਧ ਹਾਸਲ ਕਰਦਿਆਂ ਹਰਿ ਜਸ ਸਰਵਣ ਕਰਨ ਅਤੇ ਗੁਰਬਾਣੀ, ਗੁਰੂ ਇਤਿਹਾਸ ਤੋਂ ਪ੍ਰੇਰਨਾ ਲੈਣ ਲਈ ਮਨਾਏ ਜਾਣੇ ਚਾਹੀਦੇ ਹਨ।
ਦਰਅਸਲ ਪਿਛਲੇ ਕੁਝ ਅਰਸੇ ਤੋਂ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨੌਜਵਾਨਾਂ ਵਲੋਂ ਨਾਚ-ਗਾਣੇ, ਹੁੱਲੜਬਾਜੀ, ਨਸ਼ਿਆਂ ਦੀ ਵਰਤੋਂ ਅਤੇ ਹੋਰ ਮਨਮਤੀ ਕਰਮ ਕਰਨ ਦਾ ਰੁਝਾਨ ਸਾਹਮਣੇ ਆਇਆ ਹੈ।
ਸੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਨਿਰਦੇਸ਼ ਜਾਰੀ ਹੋਏ ਹਨ ਕਿ ਅਗਲੇ ਦਿਨਾਂ ਵਿਚ ਬਟਾਲੇ ਵਿਖੇ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਾਚ-ਗਾਣੇ, ਹੁੱਲੜਬਾਜੀ, ਮਨਮਤੀ ਵਿਆਹਾਂ ਵਾਂਗ ਗੁਰਮਤਿ ਵਿਰੋਧੀ ਕਿਸੇ ਤਰ੍ਹਾਂ ਦੇ ਵੀ ਮਨਮਤੀ ਕਰਮ ਨਾ ਕੀਤੇ ਜਾਣ ਅਤੇ ਭੈਅ-ਭਾਵਨੀ ਵਿੱਚ ਰਹਿ ਕੇ ਗੁਰਮਤਿ ਦੀ ਰੌਸ਼ਨੀ ਵਿਚ ਪੁਰਾਤਨ ਪਰੰਪਰਾਵਾਂ ਤੋਂ ਸੇਧ ਹਾਸਲ ਕਰਦਿਆਂ ਹੀ ਗੁਰੂ ਸਾਹਿਬਾਨ ਦੇ ਪਾਵਨ ਪੁਰਬ ਮਨਾਏ ਜਾਣ।