‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਧਿਆਤਮਕ ਭਾਵਨਾਵਾਂ ਦੇ ਪ੍ਰਭਾਵ ਹੇਠਾਂ ਆ ਕੇ ਸ਼ਸਤਰ ਪ੍ਰਦਰਸ਼ਨ ਕਰਨ ਵਾਲੇ ਨਿਹੰਗ ਕੁਲਦੀਪ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕੁਲਦੀਪ ਸਿੰਘ ਨੇ ਚਿਰਾਂ ਤੋਂ ਚੱਲੀ ਆ ਰਹੀ ਵਿਰਾਸਤ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਨਾ ਤਾਂ ਗੁਰੂ ਘਰ ਦੀਆਂ ਪਰੰਪਰਾਵਾਂ ਦੀ ਅਵੱਗਿਆ ਕੀਤੀ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਨੁਕਸਾਨ ਪਹੁੰਚਾਇਆ ਹੈ। ਸੂਤਰ ਦੱਸਦੇ ਹਨ ਕਿ ਨਿਹੰਗ ਕੁਲਦੀਪ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਨਿਹੰਗ ਕੁਲਦੀਪ ਸਿੰਘ ਹਿਰਾਸਤ ਦੇ ਦੌਰਾਨ ਵੀ ਅਡੋਲ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਚਿਹਰੇ ‘ਤੇ ਭੈਅ ਦਾ ਕੋਈ ਸੰਕੇਤ ਨਹੀਂ ਹੈ।
ਇੱਥੇ ਦੱਸਣਾ ਜ਼ਰੂਰੀ ਹੈ ਕਿ ਨਿਹੰਗ ਕੁਲਦੀਪ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੰਪਲੈਕਸ ਦੇ ਪਿਛਲੇ ਪਾਸੇ ਲੰਮਾ ਚਿਰ ਸਮਾਧੀ ਵਿੱਚ ਲੀਨ ਰਹੇ ਅਤੇ ਉਨ੍ਹਾਂ ਨੇ ਸ਼ਸਤਰ ਪ੍ਰਦਰਸ਼ਨ ਵੈਰਾਗ ਵਿੱਚ ਆ ਕੇ ਕੀਤਾ ਲੱਗਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਰਾ ਕੁੱਝ ਹੁਕਮ ਅਨੁਸਾਰ ਹੀ ਵਾਪਰਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਗੁਰੂ ਨੂੰ ਸਲਾਮੀ ਦੇਣ ਲਈ ਕੀਤਾ ਹੈ। ਇੱਥੇ ਇਹ ਦੱਸਣਾ ਵੀ ਲਾਜ਼ਮੀ ਹੋਵੇਗਾ ਕਿ ਸਿੱਖ ਪਰੰਪਰਾਵਾਂ ਅਨੁਸਾਰ ਪਹਿਲਾਂ ਵੀ ਗੁਰਦੁਆਰਾ ਕੰਪਲੈਕਸ ਅੰਦਰ ਸ਼ਸਤਰਾਂ ਦੀ ਮਨਾਹੀ ਨਹੀਂ ਹੈ।