‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੂਨ 1984 ਦੇ ਘੱਲੂਘਾਰੇ ਦੀ ਪੀੜ ਸਿੱਖਾਂ ਲਈ ਅਸਹਿ ਅਤੇ ਅਕਹਿ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਗਤ ਨੂੰ 1984 ਵਿੱਚ ਵਾਪਰੇ ਘੱਲੂਘਾਰਾ ਕਰਕੇ ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੇ ਦਰਸ਼ਨ ਦੋ ਜੂਨ ਤੋਂ ਪੰਜ ਜੂਨ ਤੱਕ ਕਰਵਾਏ ਜਾਣਗੇ। ਇਸ ਪਾਵਨ ਸਰੂਪ ਦੇ ਬੀਤੇ ਸਾਲ ਪਹਿਲੀ ਵਾਰ ਸੰਗਤ ਨੂੰ ਦਰਸ਼ਨ ਕਰਵਾਏ ਗਏ ਸਨ। ਸੰਗਤ ਨੂੰ ਉਸ ਗੋਲੀ ਦੇ ਦਰਸ਼ਨ ਵੀ ਕਰਵਾਏ ਗਏ ਸਨ ਜੋ ਜੂਨ 1984 ਵਿੱਚ ਦੱਖਣੀ ਦਰਵਾਜ਼ੇ ਤੋਂ ਲੰਘ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੱਗੀ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਪਾਵਨ ਸਰੂਪ ਨੂੰ 2 ਜੂਨ ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਨ੍ਹਾਂ 4 ਦਿਨਾਂ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

ਧਾਮੀ ਨੇ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਦੇ ਸ਼ਹੀਦੀ ਸਮਾਗਮ ਨੂੰ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ ਅਤੇ ਇਸ ਮੌਕੇ ’ਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜੀਦਗੀ, ਸੁਹਿਰਦਤਾ ਬੇਹੱਦ ਜ਼ਰੂਰੀ ਹੈ।

ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਅੱਜ ਪਹਿਲਾ ਦਿਨ ਸੀ। ਫੌਜ ਨੇ ਸਮੁੱਚੇ ਕੰਪਲੈਕਸ ਨੂੰ ਘੇਰ ਲਿਆ ਸੀ। ਸਿੱਖ ਰੈਫਰੈਂਸ ਲਾਇਬ੍ਰੇਰੀ ਅੰਦਰ ਮੌਜੂਦ ਚਸ਼ਮਦੀਦਾਂ ਮੁਤਾਬਕ ਫੌਜ ਦੀ ਗੋਲੀ ਦੁਪਹਿਰ 12.30 ਵਜੇ ਤੋਂ ਰਾਤ 8 ਵਜੇ ਤੱਕ ਲਗਾਤਾਰ ਕੰਪਲੈਕਸ ਦੇ ਅੰਦਰ ਤੱਕ ਚੱਲਦੀ ਰਹੀ, ਜਦਕਿ ਅੰਦਰੋਂ ਇੱਕ ਵੀ ਫਾਇਰਿੰਗ ਨਹੀਂ ਹੋਈ। ਸਿੱਖ ਕੌਮ ਲਈ ਇਹ ਤੀਜਾ ਘੱਲ਼ੂਘਾਰਾ ਹੈ ਜਦਕਿ ਸਰਕਾਰ ਇਸਨੂੰ ਅਪਰੇਸ਼ਨ ਬਲਿਊ ਸਟਾਰ ਦੱਸਦੀ ਹੈ।