‘ ਦ ਖਾਲਸ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ ਸਾਜਿਸ਼ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਬੰਧਕੀ ਬਲਾਕ ਵਿੱਚ ਰਚੀ ਗਈ ਸੀ। ਸਿੱਟ ਵੱਲੋਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਅਤੇ ਵਾਈਸ ਚੇਅਰਮੈਨ ਡਾ.ਨੈਨ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਤਿਆਰ ਕੀਤੀ ਰਿਪੋਰਟ ਉੱਚ ਅਦਾਲਤ ਵਿੱਚ ਸੌਂਪੀ ਗਈ ਹੈ।
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਐਸਆਈਟੀ ਦੇ ਮੈਂਬਰ ਐਸਐਸਪੀ ਰੈਂਕ ਦੇ ਅਧਿਕਾਰੀ ਐਮਐਸ ਭੁੱਲਰ ਨੇ ਜਵਾਬ ਦਾਇਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਐਸਆਈਟੀ ਦੁਆਰਾ ਦਾਇਰ ਕੀਤੇ ਗਏ ਜਵਾਬ ਵਿੱਚ ਕਿਹਾ ਗਿਆ ਹੈ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਦੇ ਇਕਬਾਲੀਆ ਬਿਆਨਾਂ ਦੀ ਸਮੱਗਰੀ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਇਨ੍ਹਾਂ ਕੋਝੀਆਂ ਕਾਰਵਾਈਆਂ ਦੀ ਸਾਜ਼ਿਸ਼ ਇੱਕ ਖ਼ਾਸ ਜਗ੍ਹਾ ‘ਤੇ ਰਚੀ ਗਈ ਸੀ, ਜਿਹੜਾ ਕਿ ਡੇਰਾ ਸਿਰਸਾ ਦਾ ਪ੍ਰਬੰਧਕੀ ਭਾਗ ਮੰਨਿਆ ਜਾ ਰਿਹਾ ਹੈ। ਮੁਲਜ਼ਮ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਜੋ ਕਿ ਡੀਐੱਸਐੱਸ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ, ਨੇ ਇਸ ਅਪਰਾਧ ਦੇ ਅਸਲ ਮੁਲਜ਼ਮਾਂ ਨੂੰ ਪੰਜਾਬ ਦੇ ਕਿਸੇ ਖਾਸ ਇਲਾਕੇ ਵਿੱਚ ਬੇਅਦਬੀ ਦੀਆਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਹਦਾਇਤ ਕੀਤੀ ਸੀ।
ਜਵਾਬ ‘ਚ ਕਿਹਾ ਗਿਆ ਹੈ ਕਿ ਇਹ ਸਪੱਸ਼ਟ ਹੈ ਕਿ ਜੇਕਰ ਅਪਰਾਧ ਦੀ ਯੋਜਨਾ ਡੇਰਾ ਹੈੱਡਕੁਆਰਟਰ ‘ਤੇ ਬਣਾਈ ਗਈ ਸੀ ਤਾਂ ਪਟੀਸ਼ਨਕਰਤਾ ਗੁਰਮੀਤ ਰਾਮ ਰਹੀਮ ਦਾ ਮੁਖੀ ਹੋਣ ਕਰਕੇ ਇਨ੍ਹਾਂ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੋਣਾ ਲਾਜ਼ਮੀ ਸੀ। ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ਨੂੰ ਹੋਵੇਗੀ।