ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ 4 ਦਸੰਬਰ ਨੂੰ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਸਮੂਹ ਸੰਗਤ, ਮਹਾਪੁਰਸ਼ਾਂ ਅਤੇ ਸਭਾ-ਸੁਸਾਇਟੀਆਂ ਤੇ ਸੰਪਰਦਾਵਾਂ ਦੇ ਸਹਿਯੋਗ ਨਾਲ ‘ਸੀਸ ਸਸਕਾਰ ਦਿਵਸ’ ਮਨਾਇਆ ਜਾਵੇਗਾ।
ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਸਵੇਰੇ ਦਸ ਵਜੇ ਧਾਰਮਿਕ ਸਮਾਗਮ ਸ਼ੁਰੂ ਹੋਣਗੇ ਜੋ ਲਗਪਗ ਇੱਕ ਵਜੇ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ’ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਧਰਮ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਿੱਥੇ ਵੱਖ-ਵੱਖ ਸਥਾਨਾਂ ’ਤੇ ਸਮਾਗਮ ਆਯੋਜਿਤ ਹੁੰਦੇ ਹਨ, ਉੱਥੇ ਹੀ ਸੰਗਤ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵੱਡਾ ਸਮਾਗਮ ਕਰਵਾਉਣ ਦੀ ਮੰਗ ਉੱਠਦੀ ਆ ਰਹੀ ਸੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਵੱਡਾ ਫੈਸਲਾ ਲੈਂਦਿਆਂ ਹਰ ਸਾਲ 4 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਸਸਕਾਰ ਦਿਵਸ ਮਨਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰੰਪਰਾ ਅਨੁਸਾਰ ਇਸੇ ਦਿਨ ਦਿੱਲੀ ਤੋਂ ਸ਼ੁਰੂ ਹੋ ਕੇ ਨਗਰ ਕੀਰਤਨ ਗੁਰੂ ਸਾਹਿਬ ਦੇ ਸੀਸ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਪਹੁੰਚੇਗਾ। ਇਹ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।
ਦੱਸ ਦੇਈਏ ਕਿ ਗੁਰਦੁਆਰਾ ਸੀਸ ਗੰਜ ਸਾਹਿਬ ਉਹ ਇਤਿਹਾਸ ਅਤੇ ਪਵਿੱਤਰ ਅਸਥਾਨ ਹੈ, ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸੀਸ ਦਾ ਸਸਕਾਰ ਕੀਤਾ ਸੀ।