ਅੰਮ੍ਰਿਤਸਰ : ਸਾਹਿਬ-ਏ-ਕਮਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।
ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਤੇ ਕਵੀ ਦਰਬਾਰ ਕਰਵਾਇਆ ਗਿਆ। ਸਵੇਰੇ 9 ਵਜੇ ਤੋਂ 12 ਵਜੇ ਤਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਘੰਟਿਆਂਬੱਧੀ ਕਤਾਰਾਂ ਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਸ਼ਰਧਾਲੂਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਣ ਤੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸੰਗਤਾਂ ਵੱਡੀ ਗਿਣਤੀ ਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣਗੀਆਂ।
ਇਸ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਪਟਨਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਹੈ। ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਵੀ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਥੇ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ।