ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜਮੇਲ ਦੀ ਸ਼ੁਰੂਆਤ ਹੋਈ। ਜੋੜਮੇਲ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਈ।
ਇਸ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਉੱਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੀ ਸੰਪੂਰਨ ਸਮਾਪਤੀ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋਵੇਗਾ ਜਿਸਦੀ ਸੰਪੂਰਨ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਕੀਤੀ ਜਾਵੇਗੀ। ਇਸ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਫ਼ਤਿਹਗੜ੍ਹ ਸਾਹਿਬ ਪਹੁੰਚ ਦੀਆਂ ਹਨ।
28 ਦਸੰਬਰ ਨੂੰ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੀ ਸਮਾਪਤੀ ਨਾਲ ਸ਼ਹੀਦੀ ਸਭਾ ਸਮਾਪਤ ਹੋਵੇਗੀ। ਨਗਰ ਕੀਰਤਨ ਤੋਂ ਬਾਅਦ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਮ ਸੰਦੇਸ਼ ਦੇਣਗੇ।
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਲੱਖਾਂ ਦੀ ਤਾਦਾਦ ਵਿੱਚ ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤ ਦੇਸ਼ ਭਰ ਵਿੱਚੋਂ ਨਤਮਸਤਕ ਹੁੰਦੀ ਹੈ ਤੇ ਸੰਗਤ ਦੇ ਆਮਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡੀਸੀ ਪਰਨੀਤ ਸ਼ੇਰਗਿੱਲ ਨੇ ਅੱਗੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਸਕੀਮਾਂ ਸਬੰਧੀ ਵਿਸ਼ਾਲ ਪ੍ਰਦਰਸ਼ਨੀ ਲਾਈ ਜਾਵੇਗੀ।
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਨ ਲਈ ਧਾਰਮਿਕ ਕਵੀ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਨਾਮਵਰ ਕਵੀ ਆਪਣੀਆਂ ਰਚਨਾਵਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ। 26 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿੱਚ ਇਤਿਹਾਸਕ ਨਾਟਕ ‘ਜਿੰਦਾਂ ਨਿੱਕੀਆਂ’ ਦੀ ਪੇਸ਼ਕਾਰੀ ਕੀਤੀ ਜਾਵੇਗੀ।