The Khalas Tv Blog Punjab ਪਟਿਆਲਾ ‘ਚ ਬਣੇ ਹਾਲਾਤਾਂ ਦਾ ਸਿਆਸੀ ਲੀਡਰਾਂ ਨੇ ਇਸ ਤਰ੍ਹਾਂ ਕੀਤਾ ਵਿਰੋਧ
Punjab

ਪਟਿਆਲਾ ‘ਚ ਬਣੇ ਹਾਲਾਤਾਂ ਦਾ ਸਿਆਸੀ ਲੀਡਰਾਂ ਨੇ ਇਸ ਤਰ੍ਹਾਂ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪਟਿਆਲਾ ਵਿੱਚ ਬਣੇ ਹਾਲਾਤਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ ਵਿੱਚ ਝੂਰ ਹੈ। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਸਰਕਾਰ ਨੂੰ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਇਸ ਘਟਨਾ ਨੇ ਸਾਨੂੰ ਪੁਰਾਣੇ ਹਾਲਾਤ ਯਾਦ ਕਰਵਾ ਦਿੱਤੇ ਹਨ।

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ। ਜੇ ਦੋਵਾਂ ਧਿਰਾਂ ਵਿਚਾਲੇ ਕੋਈ ਸਮੱਸਿਆ ਹੈ ਤਾਂ ਸਰਕਾਰ ਨੂੰ ਬੈਠ ਕੇ ਇਸ ਸਮੱਸਿਆ ਦਾ ਹੱਲ ਲੱਭਣਾ ਚਾਹੀਦਾ ਹੈ ਪਰ ਪਤਾ ਨਹੀਂ ਸਰਕਾਰ ਕਿਤੇ ਹੋਰ ਵਿਅਸਥ ਹੈ। ਪਤਾ ਨਹੀਂ ਪੁਲਿਸ ਨੂੰ ਗੋਲੀ ਚਲਾਉਣ ਦੀ ਕੀ ਲੋੜ ਪੈ ਗਈ ਸੀ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਟਿਆਲਾ ਵਿੱਚ ਹੋਈ ਝੜਪ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਂਤੀ ਅਤੇ ਮਨੁੱਖਤਾ ਦੇ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ ਹੈ।

ਕਾਂਗਰਸ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਵਿੱਚ ਦੋ ਧੜਿਆਂ ਵਿਚਾਲੇ ਝੜਪ ਕਾਰਨ ਪੈਦਾ ਹੋਈ ਤਣਾਅਪੂਰਨ ਸਥਿਤੀ ਕਾਫ਼ੀ ਚਿੰਤਾਜਨਕ ਹੈ। ਪਟਿਆਲਾ ਦੇ ਲੋਕ ਸ਼ਾਂਤੀ ਪਸੰਦ ਹਨ। ਮੈਂ ਦੋਵੇਂ ਧਿਰਾਂ ਅਤੇ ਪ੍ਰਸ਼ਾਸਨ ਨੂੰ ਗੱਲਬਾਤ ਰਾਹੀਂ ਹੱਲ ਲੱਭਣ ਦੀ ਅਪੀਲ ਕਰਦੀ ਹਾਂ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ। ਪਟਿਆਲਾ ਤੋਂ ਸਾਹਮਣੇ ਆਈਆਂ ਤਸਵੀਰਾਂ ਚਿੰਤਾਜਨਕ ਹਨ। ਅਜਿਹੇ ਹਾਲਾਤਾਂ ਵਿੱਚ ਸੀਐੱਮ ਘਰ ਤੋਂ ਹੀ ਆਰਡਰ ਦੇ ਰਹੇ ਹਨ। ਪਿਛਲੇ ਇੱਕ ਮਹੀਨੇ ਤੋਂ ਸੂਬੇ ਦੀ ਕਾਨੂੰਨ ਵਿਵਸਥਾ ਖਰਾਬ ਹੈ। ਸੀਐੱਮ ਨੂੰ ਡੀਜੀਪੀ ਨਾਲ ਤੁਰੰਤ ਪਟਿਆਲਾ ਜਾਣਾ ਚਾਹੀਦਾ ਹੈ।

ਰਾਘਵ ਚੱਢਾ ਨੇ ਕਿਹਾ ਕਿ ਇਹ ਦੋ ਭਾਈਚਾਰਿਆਂ ਦੀ ਝੜਪ ਨਹੀਂ ਹੈ, ਇਹ ਦੋ ਸਿਆਸੀ ਧੜਿਆਂ ਦੀ ਲੜਾਈ ਹੈ। ਅਕਾਲੀ ਦਲ ਅਤੇ ਸ਼ਿਵ ਸੈਨਾ ਦੇ ਬੰਦਿਆਂ ਵਿਚਾਲੇ ਲੜਾਈ ਹੋਈ ਹੈ। ਮਾਨ ਸਰਕਾਰ ਇਸ ਉੱਤੇ ਸਖ਼ਤ ਐਕਸ਼ਨ ਲਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪਟਿਆਲਾ ਵਿੱਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੀਮਤ ਉੱਤੇ ਪੰਜਾਬ ਵਿੱਚ ਅਮਨ ਕਾਨੂੰਨ, ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਜੇ ਸਰਕਾਰ ਸਮੇਂ ਸਿਰ ਜਾਗਦੀ ਤਾਂ ਪਟਿਆਲਾ ਦੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਸਨ, ਜੇ ਸਰਕਾਰ ਆਪਣਾ ਸਹੀ ਰੋਲ ਨਿਭਾਉਂਦੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀ ਨੀਂਦ ਤੋਂ ਜਾਗਣ ਦੀ ਨਸੀਹਤ ਦਿੱਤੀ। ਤੁਸੀਂ ਆਪਣੀਆਂ ਜ਼ਿੰਮੇਵਾਰੀਆਂ ਤੋਂ ਫੇਲ੍ਹ ਹੋ ਰਹੇ ਹੋ ਅਤੇ ਉਸਦੀ ਸਜ਼ਾ ਪੰਜਾਬ ਦੇ ਲੋਕਾਂ ਨੂੰ ਚੁਕਾਉਣੀ ਪੈ ਰਹੀ ਹੈ।

ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪਟਿਆਲੇ ਦੀ ਘਟਨਾ ਨੇ ਪੰਜਾਬ ਦੇ ਲੋਕਾਂ ਨੂੰ ਮੁੜ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਦੇ ਲੋਕਾਂ ਨੂੰ ਸੋਚਣ ਉੱਤੇ ਮਜ਼ਬੂਰ ਕਰ ਦਿੱਤਾ ਹੈ। ਪੰਜਾਬ ਪਹਿਲਾਂ ਹੀ ਕਾਲੇ ਦੌਰ ਵਿੱਚੋਂ ਦੀ ਲੰਘਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਤੁਰੰਤ ਪਟਿਆਲਾ ਜਾਣ ਲਈ ਕਿਹਾ ਹੈ ਅਤੇ ਸਿਆਸੀ ਪਾਰਟੀਆਂ, ਧਾਰਮਿਕ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਕਿਹਾ। ਜੇ ਇਹ ਅੱਗ ਫੈਲ ਗਈ ਤਾਂ ਸਾਂਭਣੀ ਬਹੁਤ ਮੁਸ਼ਕਿਲ ਹੋ ਜਾਵੇਗੀ।

ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਵੀ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੁੱਝ ਸਮਾਜ ਵਿਰੋਧੀ ਅਨਸਰਾਂ ਪਿੱਛੇ ਲੱਗ ਕੇ ਆਪਸ ‘ਚ ਨਾ ਲੜੋ, ਕਿਉਂਕਿ ਕਿਉਂਕਿ ਖਾਲਿਸਤਾਨ ਕਦੇ ਨਾ ਬਣਨ ਦਿੱਤਾ ਹੈ ਤੇ ਨਾ ਹੀ ਕਦੇ ਬਣਨ ਦੇਵਾਂਗੇ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹਿੰਦੂਆਂ ਵਿਚਕਾਰ ਪਿਆਰ ਸਦਭਾਵਨਾ ਸਦੀਆਂ ਤੋਂ ਚੱਲੀ ਆ ਰਹੀ ਹੈ ਤੇ ਵਿਸ਼ਵ ਲਈ ਇਕ ਮਿਸਾਲ ਹੈ।”

Exit mobile version