ਸੂਰਤ ਦੇ ਲਾਲਗੇਟ ਇਲਾਕੇ ‘ਚ ਗਣੇਸ਼ ਉਤਸਵ ਦੌਰਾਨ ਐਤਵਾਰ ਦੇਰ ਰਾਤ 6 ਨੌਜਵਾਨਾਂ ਨੇ ਪੰਡਾਲ ‘ਤੇ ਪਥਰਾਅ ਕੀਤਾ। ਇਸ ਦੇ ਵਿਰੋਧ ‘ਚ ਹਜ਼ਾਰਾਂ ਲੋਕ ਸੜਕਾਂ ‘ਤੇ ਆ ਗਏ ਅਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਪਥਰਾਅ ਕਰਨ ਵਾਲੇ ਸਾਰੇ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪਥਰਾਅ ਦੀ ਘਟਨਾ ਦਾ ਸਮਰਥਨ ਕਰਨ ਵਾਲੇ 27 ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਲੋਕ ਦੂਜੇ ਧਰਮਾਂ ਨਾਲ ਸਬੰਧਤ ਹਨ, ਦੇਰ ਰਾਤ ਪ੍ਰਦਰਸ਼ਨ ਹਿੰਸਕ ਹੋ ਗਿਆ। ਦੋਵਾਂ ਧਰਮਾਂ ਦੇ ਲੋਕਾਂ ਵਿਚਾਲੇ ਝੜਪਾਂ ਵੀ ਦੇਖਣ ਨੂੰ ਮਿਲੀਆਂ। ਵਾਹਨਾਂ ਦੀ ਭੰਨਤੋੜ ਕੀਤੀ ਗਈ ਅਤੇ ਅੱਗ ਲਗਾ ਦਿੱਤੀ ਗਈ।
ਸ਼ਾਂਤੀ ਦੀ ਅਪੀਲ ਕਰਨ ਆਏ ਸਥਾਨਕ ਵਿਧਾਇਕ ਕਾਂਤੀ ਬਲਾਰ ਅਤੇ ਪੁਲਿਸ ਨਾਲ ਹੱਥੋਪਾਈ ਵੀ ਹੋਈ। ਡੀਸੀਪੀ ਵਿਜੇ ਸਿੰਘ ਗੁਰਜਰ ਅਤੇ ਉਨ੍ਹਾਂ ਨਾਲ ਮੌਜੂਦ ਇੱਕ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ।
ਦੇਰ ਰਾਤ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਲਾਠੀਚਾਰਜ ਕੀਤਾ। ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਸੂਰਤ ਵਿੱਚ ਕਰੀਬ 1000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ 35 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।