The Khalas Tv Blog Punjab ਸਰਕਾਰਾਂ ਨੂੰ ਸਮਝਣਾ ਚਾਹੀਦੈ, ਲੜਾਈ ਦਾ ਨਵਾਂ ਤਰੀਕਾ ਤੇ ਨਵਾਂ ਐਲਾਨ
Punjab

ਸਰਕਾਰਾਂ ਨੂੰ ਸਮਝਣਾ ਚਾਹੀਦੈ, ਲੜਾਈ ਦਾ ਨਵਾਂ ਤਰੀਕਾ ਤੇ ਨਵਾਂ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਅਤੇ ਰਾਜਸੀ ਪਹੁੰਚ ਦੀ ਨੀਤੀ ਦੇ ਨਾਲ-ਨਾਲ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ’ਚ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸੇਵਾ ਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਧਾਮੀ ਨੇ ਕਿਹਾ ਕਿ ਇਹ ਮਾਮਲਾ ਕੌਮ ਦਾ ਸਭ ਤੋਂ ਅਹਿਮ ਮਾਮਲਾ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਅਦ ਵੀ ਸਿੱਖ ਬੰਦੀਆਂ ਨੂੰ ਨਹੀਂ ਛੱਡਿਆ ਜਾ ਰਿਹਾ ਹੈ।

ਧਾਮੀ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਨੇ ਬੈਠਕ ਦੌਰਾਨ ਕਈ ਅਹਿਮ ਸੁਝਾਅ ਦਿੱਤੇ ਹਨ, ਜਿਸ ਤਹਿਤ ਕਾਨੂੰਨੀ ਲੜਾਈ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਵੇਂ ਪਹਿਲਾਂ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਪਰ ਹੁਣ ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਮੂਹਕ ਤੌਰ ’ਤੇ ਸਿੱਖ ਬੰਦੀਆਂ ਦਾ ਕੇਸ ਰੱਖਿਆ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ’ਚ ਬਿਹਤਰੀਨ ਸੁਝਾਅ ਪ੍ਰਾਪਤ ਹੋਏ ਹਨ ਅਤੇ ਆਉਂਦੇ ਦਿਨਾਂ ਵਿਚ ਇਕੱਤਰਤਾ ਮੁੜ ਬੁਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੰਮੇ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਤੋਂ ਇਲਾਵਾ ਮੌਜੂਦਾ ਸਮਿਆਂ ਦੌਰਾਨ ਕਈ ਕੇਸਾਂ ’ਚ ਫਸਾਏ ਗਏ ਸਿੱਖ ਨੌਜਵਾਨਾਂ ਨੂੰ ਛੁਡਾਉਣ ਲਈ ਵੀ ਯਤਨ ਕੀਤੇ ਜਾਣਗੇ।

Bandi ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ Chandigarh ਤੋਂ SGPC LIVE | The Khalas Tv

ਧਾਮੀ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਦੇ ਵਿਰੋਧ ਵਿਚ ਭੁਗਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਕ ਆਦੇਸ਼ ’ਤੇ ਬਾਹਰ ਆ ਸਕਦੇ ਹਨ। ਅਰਵਿੰਦ ਕੇਜਰੀਵਾਲ ਦੇ ਕੋਲ ਉਹ (ਐਡਵੋਕੇਟ ਧਾਮੀ) ਖੁਦ ਵਫ਼ਦ ਲੈ ਕੇ ਪਹੁੰਚੇ ਸਨ, ਪਰ ਉਨ੍ਹਾਂ ਨੇ ਮਿਲਣਾ ਵੀ ਮੁਨਾਸਿਬ ਨਹੀਂ ਸਮਝਿਆ। ਦੂਸਰੇ ਪਾਸੇ ਕਾਂਗਰਸ ਦੇ ਆਗੂਆਂ ਵੱਲੋਂ ਵੀ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦਾ ਮਾਮਲਾ ਹਾਲਾਤਾਂ ’ਚੋਂ ਨਿਕਲੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਹ ਗੱਲ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ।

SGPC ਚੋਣਾਂ ਬਾਰੇ ਬੋਲਦਿਆਂ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸ਼੍ਰੋਮਣੀ ਕਮੇਟੀ ਨਹੀਂ ਕਰਾਉਂਦੀ, ਉਸਦੇ ਲਈ ਵੱਖ ਇਲੈਕਸ਼ਨ ਕਮਿਸ਼ਨ ਬਣਦਾ ਹੈ। ਧਾਮੀ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 328 ਸਰੂਪਾਂ ਦੀ ਕੋਈ ਬੇਅਦਬੀ ਨਹੀਂ ਹੋਈ ਅਤੇ ਨਾ ਹੀ ਗੁੰਮ ਹੋਏ ਹਨ। ਇਸ ਵਿੱਚ ਸਿਰਫ਼ ਪੈਸਿਆਂ ਦਾ ਘਪਲਾ ਹੋਇਆ ਹੈ।

Exit mobile version