ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਨੂੰ ਘੇਰਨ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਸਖ਼ਤ ਹੋ ਗਿਆ ਹੈ। ਪੰਜਾਬ ਚੋਣ ਕਮਿਸ਼ਨ ਦੇ ਮੁੱਖ ਅਧਿਕਾਰੀ ਸਿਬਿਨ ਸੀ ਨੇ SSP’s ਅਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਿਨਾਂ ਇਜਾਜ਼ਤ ਕਿਸਾਨਾਂ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ। ਬੀਜੇਪੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਚੋਣ ਕਮਿਸ਼ਨ ਨੇ ਕਿਹਾ ਉਮੀਦਵਾਰਾਂ ਦੇ ਲਈ ਲੈਵਲ ਪੇਲਿੰਗ ਫੀਲਡ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਪੰਜਾਬ ਚੋਣ ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਸਾਡੇ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਨਾ ਕੀਤੀ ਜਾਵੇ। ਇਹ ਵੀ ਦੇਖਿਆ ਗਿਆ ਹੈ ਕਿ CRPC ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।
ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਬੀਜੇਪੀ ਨੇ ਕੀਤੀ ਸੀ ਸ਼ਿਕਾਇਤ
ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ 3 ਦਿਨ ਪਹਿਲਾਂ ਚੋਣ ਕਮਿਸ਼ਨ ਨਾਲ ਮੁਲਾਕਾਕ ਕਰਕੇ ਕਿਸਾਨਾਂ ਵੱਲੋਂ ਬੀਜੇਪੀ ਉਮੀਦਵਾਰਾਂ ਨੂੰ ਰੋਕਣ ਦੀ ਸ਼ਿਕਾਇਤ ਕੀਤੀ ਸੀ। ਜਾਖੜ ਨੇ ਕਿਹਾ ਸੀ ਕਿ ਕਿਸਾਨ ਸਾਨੂੰ ਆਪਣਾ ਪ੍ਰੋਗਰਾਮ ਲੋਕਾਂ ਤੱਕ ਪਹੁੰਚਾਉਣ ਤੋਂ ਰੋਕ ਰਹੇ ਹਨ ਜੋ ਕਿ ਲੋਕਤੰਤਰ ਵਿੱਚ ਠੀਕ ਨਹੀਂ ਹੈ। ਉਧਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਟੀਵੀ ਚੈੱਨਲ ਨਾਲ ਗੱਲ ਕਰਦੇ ਹੋਏ ਇਲਜ਼ਾਮ ਲਗਾਇਆ ਹੈ ਕਿ ਚੋਣ ਕਮਿਸ਼ਨ ਨਿਰਪੱਖ ਨਹੀਂ ਰਹਿ ਗਿਆ ਹੈ। ਪੰਧੇਰ ਨੇ ਕਿਹਾ ਅਸੀਂ ਸਿਰਫ਼ ਸਵਾਲ ਕਰਨਾ ਚਾਹੁੰਦੇ ਹਾਂ, ਜਿਸ ਦਾ ਜਵਾਬ ਦੇ ਕੇ ਉਮੀਦਵਾਰ ਜਾ ਸਕਦੇ ਹਨ। ਉਨ੍ਹਾਂ ਕਿਹਾ ਪਟਿਆਲਾ ‘ਚ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰਚਾਰ ਦੌਰਾਨ ਜਿਸ ਤਰ੍ਹਾਂ ਸਾਡੇ ਕਿਸਾਨ ਆਗੂ ਦੀ ਮੌਤ ਹੋਈ ਹੈ ਉਸ ਤੋਂ ਬਚਣ ਦੇ ਲਈ ਹੁਣ ਸੁਨੀਲ ਜਾਖੜ ਨੇ ਇਹ ਖੇਡ ਖੇਡਿਆ ਹੈ। ਉਧਰ ਅੱਜ ਵੀਰਵਾਰ 9 ਮਈ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਚੋਣ ਕਮਿਸ਼ਨ ਦੇ ਸਾਹਮਣੇ ਆਪਣੀ ਗੱਲ ਰੱਖੀ ਸੀ।
ਰਾਜੇਵਾਲ ਨੇ ਕੀਤੀ ਸੀ ਚੋਣ ਕਮਿਸ਼ਨ ਨਾਲ ਮੁਲਾਕਾਤ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੋਣ ਕਮਿਸ਼ਨ ਨੂੰ ਕਿਹਾ ਸੀ ਕਿ ਸਿਆਸੀ ਆਗੂ ਆਪਣੇ ਨਾਲ ਗੁੰਡੇ ਲੈ ਕੇ ਚੱਲ ਰਹੇ ਹਨ। ਉਨ੍ਹਾਂ ਦੇ ਵਰਕਰ ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਹੱਥੋਪਾਈ ਕਰਦੇ ਹਨ। ਰਾਜੇਵਾਲ ਨੇ ਕਿਹਾ ਆਗੂਆਂ ਤੋਂ ਸਵਾਲ ਪੁੱਛਣਾ ਸਾਡਾ ਲੋਕਤੰਤਰੀ ਅਧਿਕਾਰ ਹੈ, ਭਾਜਪਾ ਦੇ ਲੀਡਰ ਕਿਸਾਨ ਆਗੂਆਂ ‘ਤੇ ਗਲਤ ਇਲਜ਼ਾਮ ਲਗਾ ਰਹੇ ਹਨ। ਅਸੀਂ ਪਹਿਲਾਂ ਹੀ ਸਾਫ ਕਰ ਦਿੱਤਾ ਹੈ ਕਿ ਜੇਕਰ ਸਾਡਾ ਕੋਈ ਵੀ ਸਾਥੀ ਹਿੰਸਕ ਹੋਇਆ ਤਾਂ ਅਸੀਂ ਆਪ ਉਸ ਦੇ ਖਿਲਾਫ ਕਾਰਵਾਈ ਕਰਾਂਗੇ, ਪਰ ਬੀਜੇਪੀ ਦੇ ਉਮੀਦਵਾਰਾਂ ਨੂੰ ਸਾਡੇ ਸਵਾਲਾਂ ਦਾ ਜਵਾਬ ਦੇਣਾ ਹੋਵੇਗਾ ।
ਇਹ ਵੀ ਪੜ੍ਹੋ – ਮਾਨਸਾ ਦੇ ਹੈਵਾਨ ‘ਜਲੇਬੀ ਬਾਬੇ’ ਨੂੰ ਰੱਬ ਨੇ ਦਿੱਤੀ ਕਰਮਾਂ ਦੀ ਸਜ਼ਾ! 120 ਔਰਤਾਂ ਦੀ ਜ਼ਿੰਦਗੀ ਤਬਾਹ ਕੀਤੀ ਸੀ