India Punjab

ਸੁਪਰੀਮ ਕੋਰਟ ਦੀ ਸਖ਼ਤੀ , ਕਿਹਾ ‘ਪੰਜਾਬ ‘ਚ ਨਾਜਾਇਜ਼ ਸ਼ਰਾਬ ਦੀ ਭੱਠੀ ਫੜੀ ਗਈ ਤਾਂ ਸਥਾਨਕ ਪੁਲਿਸ ਹੋਵੇਗੀ ਜ਼ਿੰਮੇਵਾਰ ‘

Strictness of the Supreme Court said that if the illegal liquor furnace is caught in Punjab the local police will be responsible.

ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵਿਕਰੀ ਅਤੇ ਸੰਚਾਲਨ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਇੰਨਾ ਹੀ ਹਨੀਂ ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਜੇਕਰ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕੋਈ ਗੈਰ-ਕਾਨੂੰਨੀ ਭੱਠੀ ਚੱਲਦੀ ਹੈ ਤਾਂ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।

ਅਦਾਲਤ ਨੇ ਕਿਹਾ ਕਿ ’’ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਸਰਕਾਰ ਏ ਜਾਂ ਬੀ ਹੈ, ਪਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਨਸ਼ਿਆਂ ਦੀ ਸਮੱਸਿਆ ਵੱਧ ਰਹੀ ਹੈ। ਇਸ ਸਭ ਦਾ ਨਤੀਜਾ ਗ਼ਰੀਬ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਆਖਿਰਕਾਰ ਉਨ੍ਹਾਂ ਦੀ ਸਿਹਤ ਅਤੇ ਸਿੱਟੇ ਵਜੋਂ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਕੋਈ ਦੇਸ਼ ਨੂੰ ਤਬਾਹ ਕਰਨਾ ਚਾਹੁੰਦਾ ਹੈ ਤਾਂ ਉਹ ਸਰਹੱਦਾਂ ਤੋਂ ਸ਼ੁਰੂ ਕਰਦਾ ਹੈ ਅਤੇ ਅਜਿਹੇ ਵਿੱਚ ਦੇਸ਼ ਨੂੰ ਬਚਾਉਣ ਲਈ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ।

ਸਰਕਾਰ ਨੂੰ ਸੰਜੀਦਾ ਹੋ ਕੇ ਦੇਸ਼ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨੇ ਪੈਣਗੇ।‘’ 2020 ਵਿੱਚ, ਨਸ਼ੀਲੀ ਸ਼ਰਾਬ ਦੇ ਨਿਰਮਾਣ, ਵਿਕਰੀ ਅਤੇ ਤਸਕਰੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਪਟੀਸ਼ਨਰ ਵੱਲੋਂ ਉਠਾਏ ਗਏ ਮੁੱਦੇ ਨੂੰ ਵਿਚਾਰਿਆ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਜਦੋਂ ਮਾਮਲਾ ਸੁਪਰੀਮ ਕੋਰਟ ਪੁੱਜਾ ਤਾਂ ਗੈਰ-ਕਾਨੂੰਨੀ ਅਤੇ ਨਸ਼ੀਲੇ ਪਦਾਰਥਾਂ ਸਬੰਧੀ ਜਾਂਚ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਸੀ ਕਿ ਸਰਕਾਰ ਇਸ ਮਾਮਲੇ ਨੂੰ ਹਲਕੇ ‘ਚ ਲੈ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੀਆਂ ਕੁਝ ਐਫਆਈਆਰਜ਼ ਬਾਰੇ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ‘ਚ ਦਾਅਵਾ ਕੀਤਾ ਸੀ ਕਿ ਪੰਜਾਬ ‘ਚ ਗੈਰ-ਕਾਨੂੰਨੀ ਡਿਸਟਿਲਰੀਆਂ, ਬੋਟਲਿੰਗ ਪਲਾਂਟ ਵਧ ਰਹੇ ਹਨ ਅਤੇ ਸ਼ਰਾਬ ਮਾਫੀਆ ਵਧ-ਫੁੱਲ ਰਿਹਾ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਅਗਸਤ 2020 ਵਿੱਚ ਪੰਜਾਬ ਵਿੱਚ ਵਾਪਰੇ ਦੁਖਾਂਤ ਦਾ ਵੀ ਜ਼ਿਕਰ ਕੀਤਾ ਹੈ। ਇਸ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ।