‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਜਾ ਰਹੇ ਹਨ। ਕਿਸਾਨਾਂ ਵੱਲੋਂ ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮੁਹਾਲੀ ਵਿੱਚ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ, ਸੋਹਾਣਾ ਸਾਹਿਬ ਦੇ ਬਾਹਰ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ।
ਰੋਸ ਪ੍ਰਦਰਸ਼ਨ ਵਿੱਚ ਕਿਸਾਨ ਬੀਬੀਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਕਿਸਾਨਾਂ, ਨੌਜਵਾਨਾਂ ਨੇ ਆਪਣੇ-ਆਪਣੇ ਵਹੀਕਲਾਂ ‘ਤੇ ਆ ਕੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ।