ਸੰਗਰੂਰ : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਕੂਲੀ ਵਿਦਿਆਰਥੀ ਵੀ ਸ਼ਾਮਲ ਹੋਣ ਲੱਗੇ ਹਨ। ਇਸ ਦੀ ਸ਼ੁਰੂਆਤ ਜ਼ਿਲ੍ਹਾ ਸੰਗਰੂਰ ਤੋਂ ਕੀਤੀ ਗਈ, ਜਿੱਥੇ ਅੱਪਰ ਪ੍ਰਾਇਮਰੀ ਸਕੂਲ ਦੇ 55 ਹਜ਼ਾਰ ਵਿਦਿਆਰਥੀਆਂ ਨੇ ਆਪਣੇ ਪਰਿਵਾਰਾਂ ਅਤੇ ਹੋਰਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਪਰਾਲੀ ਨਾ ਸਾੜਨ ਦੀ ਸਹੁੰ ਚੁੱਕੀ।
ਸੰਗਰੂਰ ਦੇ ਸਮੂਹ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਮੈਰੀਟੋਰੀਅਮ ਸੀਨੀਅਰ ਸੈਕੰਡਰੀ ਸਕੂਲ ਘਾਬਦਾਂ ਵਿਖੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਇਲਾਵਾ ਹਸਤਾਖਰ ਕੈਂਪ ਵੀ ਲਗਾਇਆ ਗਿਆ। ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਆਪਣੇ ਸਨੇਹੀਆਂ ਅਤੇ ਹੋਰਨਾਂ ਨੂੰ ਨਸ਼ਿਆਂ ਦਾ ਸੇਵਨ ਕਰਨ ਤੋਂ ਰੋਕਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾਵੇ। ਦੋਵਾਂ ਸਮੱਸਿਆਵਾਂ ਤੋਂ ਪੰਜਾਬ ਨੂੰ ਮੁਕਤ ਕਰਨ ਦੀ ਗੱਲ ਕੀਤੀ ਗਈ।
ਸਕੂਲ ਅਧਿਆਪਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋਵਾਂ ਸਮੱਸਿਆਵਾਂ ਨੂੰ ਲੈ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੈ, ਜਿੱਥੇ ਇੰਨੇ ਵੱਡੇ ਪੱਧਰ ‘ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ |
ਪ੍ਰੋਗਰਾਮ ਵਿੱਚ ਸ਼ਾਮਲ ਅਧਿਆਪਕਾ ਨੇ ਦੱਸਿਆ ਕਿ ਸੰਗਰੂਰ ਦੇ 276 ਅੱਪਰ-ਪ੍ਰਾਇਮਰੀ ਸਕੂਲਾਂ ਦੇ 55 ਹਜ਼ਾਰ ਵਿਦਿਆਰਥੀਆਂ ਨੇ ਸਹੁੰ ਚੁੱਕੀ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ। ਜੇਕਰ ਵਿਦਿਆਰਥੀ ਨਸ਼ਾ ਕਰਦੇ ਪਾਏ ਗਏ ਤਾਂ ਉਨ੍ਹਾਂ ਨੂੰ ਇਲਾਜ ਲਈ ਲਿਆਂਦਾ ਜਾਵੇਗਾ। ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਅਸੀਂ ਆਪਣੇ ਪਰਿਵਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਦੇਵਾਂਗੇ। ਵਿਦਿਆਰਥੀ ਆਪਣੇ ਪਰਿਵਾਰਾਂ ਅਤੇ ਹੋਰਨਾਂ ਨੂੰ ਵੀ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨਗੇ।
ਇਸ ਤੋਂ ਪਹਿਲਾਂ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ, ਪੰਜਾਬੀ ਅਦਾਕਾਰ ਗੁੱਗੂ ਗਿੱਲ ਅਤੇ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੇ ਹਨ। ਸਾਰਿਆਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਸ ਮੁਹਿੰਮ ਨਾਲ ਜੁੜਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਨਸ਼ਿਆਂ ਸਬੰਧੀ ਸਾਰੀ ਜਾਣਕਾਰੀ ਪੁਲਿਸ ਨੂੰ ਦੇਣ ਦੀ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਨਸ਼ੇ ਦਾ ਆਦੀ ਹੈ ਤਾਂ ਉਹ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਮੁਫ਼ਤ ਇਲਾਜ ਕਰਵਾ ਸਕਦਾ ਹੈ।