‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ‘ਚ ਸਰਕਾਰੀ ਸਕੂਲਾਂ ਨੂੰ ਖੋਲ੍ਹਣ ਦਾ ਸਮਾਂ ਸਵੇਰੇ 8 ਵਜੇ ਤੋਂ ਸਵੇਰੇ 11:15 ਵਜੇ ਤੱਕ ਵਧਾ ਦਿੱਤਾ ਹੈ। ਇਹ ਹੁਕਮ ਜਿੰਨਾ ਸਮਾਂ ਜ਼ਿਲ੍ਹੇ ਵਿੱਚ ਕਰਫਿਊ ਲਾਗੂ ਰਹੇਗਾ, ਉਦੋਂ ਤੱਕ ਜਾਰੀ ਰਹਿਣਗੇ। ਇਸ ਦੌਰਾਨ ਸਕੂਲਾਂ ਵਿੱਚ ਸਿਰਫ 50 ਫੀਸਦ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹੀ ਆਵੇਗਾ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਕੂਲ ਵਿੱਚ ਨਹੀਂ ਬੁਲਾਇਆ ਜਾਵੇਗਾ। ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟਰੇਟ ਦਫਤਰ ਨੇ ਇਨ੍ਹਾਂ ਹੁਕਮਾਂ ਦੀ ਕਾਪੀ ਜਾਰੀ ਕੀਤੀ ਹੈ।
ਪੰਜਾਬ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਸੂਬੇ ਦੇ ਹਸਪਤਾਲਾਂ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਸਿਲੰਡਰਾਂ ਦੀ ਘਾਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਕਈ ਵਾਰ ਕਰੋਨਾ ਵੈਕਸੀਨ ਅਤੇ ਆਕਸੀਜਨ ਸਿਲੰਡਰਾਂ ਦੀ ਸਪਲਾਈ ਕਰਨ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ, ਪੰਜਾਬ ਨੂੰ 6 ਮਈ ਨੂੰ 2200 ਰੈਮਡੈਸੀਵਰ ਟੀਕੇ ਅਤੇ 100 ਆਕਸੀਜਨ ਕੰਸਨਟ੍ਰੇਟਰ ਮਿਲੇ ਹਨ। ਪਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਹਾਲੇ ਹੋਰ ਵੀ ਮਦਦ ਦੀ ਜ਼ਰੂਰਤ ਹੈ।