The Khalas Tv Blog International ਪਾਕਿਸਤਾਨ ਦੀ ਸ਼ੀਆ ਮਸਜਿਦ ’ਚ ਜੁੰਮੇ ਦੀ ਨਮਾਜ਼ ਦੌਰਾਨ ਆਤਮਘਾਤੀ ਹਮਲਾ, 24 ਲੋਕਾਂ ਦੀ ਮੌਤ, 101 ਜ਼ਖ਼ਮੀ
International

ਪਾਕਿਸਤਾਨ ਦੀ ਸ਼ੀਆ ਮਸਜਿਦ ’ਚ ਜੁੰਮੇ ਦੀ ਨਮਾਜ਼ ਦੌਰਾਨ ਆਤਮਘਾਤੀ ਹਮਲਾ, 24 ਲੋਕਾਂ ਦੀ ਮੌਤ, 101 ਜ਼ਖ਼ਮੀ

ਬਿਊਰੋ ਰਿਪੋਰਟ (6 ਫਰਵਰੀ, 2026): ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਦੌਰਾਨ ਇੱਕ ਸ਼ੀਆ ਮਸਜਿਦ ਵਿੱਚ ਹੋਏ ਭਿਆਨਕ ਆਤਮਘਾਤੀ ਹਮਲੇ ਵਿੱਚ 24 ਲੋਕਾਂ ਦੀ ਮੌਤ ਹੋ ਗਈ ਅਤੇ 101 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪਾਕਿਸਤਾਨੀ ਅਖ਼ਬਾਰ ਡਾਅਨ ਅਨੁਸਾਰ, ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਮਸਜਿਦ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਮਾਜ਼ ਅਦਾ ਕਰ ਰਹੇ ਸਨ।

ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਇਸਲਾਮਾਬਾਦ ਦੇ ਪੁਲਿਸ ਚੀਫ਼ ਨੇ ਪੂਰੇ ਸ਼ਹਿਰ ਵਿੱਚ ਐਮਰਜੈਂਸੀ ਐਲਾਨ ਦਿੱਤੀ ਹੈ। ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ।

ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਮਨੁੱਖਤਾ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਤਾਰਿਕ ਫਜ਼ਲ ਚੌਧਰੀ ਨੇ ਕਿਹਾ ਕਿ ਅਜਿਹੀਆਂ ਅੱਤਵਾਦੀ ਘਟਨਾਵਾਂ ਦੇਸ਼ ਦਾ ਹੌਸਲਾ ਨਹੀਂ ਤੋੜ ਸਕਦੀਆਂ ਤੇ ਸਾਰਿਆਂ ਨੂੰ ਸ਼ਾਂਤੀ ਲਈ ਇੱਕਜੁੱਟ ਹੋਣ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 11 ਨਵੰਬਰ 2025 ਨੂੰ ਵੀ ਇਸਲਾਮਾਬਾਦ ਦੀ ਅਦਾਲਤ ਬਾਹਰ ਹੋਏ ਆਤਮਘਾਤੀ ਧਮਾਕੇ ਵਿੱਚ 12 ਲੋਕਾਂ ਦੀ ਜਾਨ ਚਲੀ ਗਈ ਸੀ।

 

Exit mobile version