Punjab Religion

ਬੇਅਦਬੀਆਂ ’ਤੇ ਭੜਕੇ ਸੁਖਬੀਰ ਬਾਦਲ! ‘ਕਾਂਗਰਸ ਦੱਸੇ ਕਿ ਦੋਸ਼ੀਆਂ ਨੂੰ ਕਿਸਨੇ ਬਚਾਇਆ?’

ਬਿਊਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਤੁਰੰਤ ਉਨ੍ਹਾਂ ਆਗੂਆਂ ਦੇ ਨਾਮ ਜ਼ਾਹਰ ਕਰਨੇ ਚਾਹੀਦੇ ਹਨ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ। ਸੁਖਬੀਰ ਨੇ ਐਕਸ ’ਤੇ ਲਿਖਿਆ ਕਿ ਵਿਧਾਨ ਸਭਾ ਵਿੱਚ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਇੱਕ ਹਾਲੀਆ ਇੰਟਰਵਿਊ ਵਿੱਚ ਮੰਨਿਆ ਹੈ ਕਿ ਕਾਂਗਰਸ ਨੇ ਇਸ ਮਾਮਲੇ ਵਿੱਚ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕੀਤੀ ਸੀ।

ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖੇਡਦੇ ਹੋਏ ਸਿਰਫ਼ ਉਨ੍ਹਾਂ ਨੂੰ ਬਲੈਕਮੇਲ ਕਰਨ ਲਈ ਐਸਆਈਟੀ ਬਣਾਈ ਸੀ। ਸੁਖਬੀਰ ਨੇ ਕਿਹਾ ਕਿ ਹੁਣ ਕਾਂਗਰਸ ਨੂੰ ਦੱਸਣਾ ਪਵੇਗਾ ਕਿ ਉਨ੍ਹਾਂ ਦੇ ਉਹ ਆਗੂ ਕੌਣ ਸਨ ਜਿਨ੍ਹਾਂ ਨੇ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਬਚਾਇਆ।

‘ਆਪ’ ਅਤੇ ਕਾਂਗਰਸ ਬਰਾਬਰ ਦੇ ਦੋਸ਼ੀ – ਸੁਖਬੀਰ

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਵੀ ਸਪੱਸ਼ਟ ਹੈ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਬਰਾਬਰ ਦੇ ਦੋਸ਼ੀ ਹਨ, ਕਿਉਂਕਿ ਆਮ ਆਦਮੀ ਪਾਰਟੀ ਨੇ 2016 ਵਿੱਚ ਮਲੇਰਕੋਟਲਾ ਵਿੱਚ ਵਾਪਰੀ ਬੇਅਦਬੀ ਘਟਨਾ ਦੇ ਦੋਸ਼ੀਆਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ, ਜਿਨ੍ਹਾਂ ਨੂੰ ਬੇਅਦਬੀ ਦੇ ਘਿਨਾਉਣੇ ਅਪਰਾਧ ਦਾ ਦੋਸ਼ੀ ਪਾਇਆ ਗਿਆ ਸੀ, ਨੂੰ ‘ਆਪ’ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਹਰਜੋਤ ਬੈਂਸ ਨੇ ਬਚਾਇਆ ਸੀ।

ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਆਮ ਆਦਮੀ ਪਾਰਟੀ ਦੇ ਗਠਨ ਤੋਂ ਬਾਅਦ ਹੀ ਹੋਣੀਆਂ ਸ਼ੁਰੂ ਹੋਈਆਂ। ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੀ ਬੇਅਦਬੀ ਦੇ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਭੂਮਿਕਾ ਨੂੰ ਬੇਨਕਾਬ ਕਰ ਸਕਦੀ ਹੈ ਅਤੇ ਇਨ੍ਹਾਂ ਮਾਮਲਿਆਂ ਦੀ ਸੱਚਾਈ ਸਾਹਮਣੇ ਆ ਸਕਦੀ ਹੈ, ਜਿਸ ਨਾਲ ਬੇਅਦਬੀ ਵਰਗੇ ਘਿਨਾਉਣੇ ਅਪਰਾਧਾਂ ਨੂੰ ਰੋਕਿਆ ਜਾ ਸਕਦਾ ਹੈ।