‘ਦ ਖ਼ਾਲਸ ਬਿਊਰੋ:- ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ ਪੁਰਾਤਨ ਸਰੂਪ ਗਾਇਬ ਹੋਣ ਅਤੇ ਕਾਂਗਰਸ ਸਰਕਾਰ ਵੱਲੋਂ ਵਰਤੀ ਗਈ ਢਿੱਲ ਦੇ ਵਿਰੋਧ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP ਦਫ਼ਤਰ ਦੇ ਬਾਹਰ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰੋਸ ਧਰਨਾ ਦਿੱਤਾ ਗਿਆ, ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਸਿਆਸਤ ਨਹੀਂ ਕਰਨਾ ਚਾਹੁੰਦੇ, ਸ਼੍ਰੋਮਣੀ ਅਕਾਲੀ ਦਲ ਪੰਥਕ ਨੁਮਾਇੰਦਾ ਜਥੇਬੰਦੀ ਹੈ ਅਤੇ ਪੰਥ ਦੇ ਹਰ ਤਰ੍ਹਾਂ ਦੇ ਮਸਲਿਆਂ ਲਈ ਅੱਗੇ ਹੋ ਕੇ ਲੜੇਗੀ।
ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਲ੍ਹੇ ਦੇ SSP ਅਤੇ IG ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁੰਮ ਹੋਇਆ ਸਰੂਪ ਸੰਗਤ ਦੇ ਸਾਹਮਣੇ ਸਨਮੁਖ ਨਹੀਂ ਹੋ ਜਾਂਦਾ, ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਆਖਿਰ ਵਿੱਚ ਸੁਖਬੀਰ ਬਾਦਲ ਨੇ ਕਿਹਾ ਕਿ 18 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਉਦੋਂ ਤੱਕ ਦਿਨ ਐਤਵਾਰ ਨੂੰ ਛੱਡ ਕੇ ਬਾਕੀ ਦਿਨ ਪਟਿਆਲੇ ਵਿੱਚ ਸ਼ਾਤ ਮਈ ਢੰਗ ਨਾਲ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਅਟਵਾਲ, ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸੀ।