ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 15 ਦਿਨਾਂ ਦੇ ਵਿੱਚ-ਵਿੱਚ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਸ਼ਪੱਸਟੀਕਰਨ ਮੰਗਿਆ ਗਿਆ ਸੀ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਨਤਮਸਤਕ ਹੋਵੇਗਾ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀਨਾਮਾ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ – ਸੁਧੀਰ ਸੂਰੀ ਨੇ ਪੁੱਤਰਾਂ ਨੇ ਕੀਤਾ ਇਹ ਕਾਰਾ, ਕਾਰੋਬਾਰੀ ਤੰਗ ਆ ਕੇ ਪਹੁੰਚਿਆ ਪੁਲਿਸ ਕੋਲ