Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਪਾਇਆ ‘ਚੋਗਾ’

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਵੱਲੋਂ ਪੰਜਾਬੀਆਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਪ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਚਰਚਿਤ ਕਿਸਾਨ ਅੰਦੋਲਨ ਦਾ ਆਸਰਾ ਲੈ ਕੇ ਤੱਪਦੇ ਲੋਹੇ ‘ਤੇ ਸੱਟ ਮਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਸਰਕਾਰ ਬਣਨ ‘ਤੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲਿਆਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਮ੍ਰਿਤਕਾਂ ਦੇ ਬੱਚਿਆਂ ਦਾ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਦਾ ਬੀੜ੍ਹਾ ਚੁੱਕਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਕੈਬਨਿਟ ਵਿੱਚ ਹੀ ਇਨ੍ਹਾਂ ਸਾਰੇ ਐਲਾਨਾਂ ਨੂੰ ਅਮਲੀ ਰੂਪ ਦੇ ਦਿੱਤਾ ਜਾਵੇਗਾ।

ਉਨ੍ਹਾਂ ਨੇ ਸ਼ਹੀਦ ਪਰਿਵਾਰਾਂ ਦੀ ਸਿਹਤ ਦਾ ਮੁਫਤ ਬੀਮਾ ਕਰਨ ਦਾ ਐਲਾਨ ਵੀ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਅਮਰਿੰਦਰ ਸਿੰਘ ਵੋਟਰਾਂ ਨੂੰ ਭਰਮਾਉਣ ਤੋਂ ਪੱਛੜੇ ਚਲੇ ਜਾ ਰਹੇ ਹਨ। ਅਸਲ ਵਿੱਚ, ਕਾਂਗਰਸ ਦੀ ਅੰਦਰੂਨੀ ਜੰਗ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਇੱਥੇ ਇਹ ਦੱਸ਼ ਦੇਣਾ ਜ਼ਰੂਰੀ ਹੈ ਕਿ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨਾਂ ਦੀ ਅਹਿਮ ਭੂਮਿਕਾ ਹੋਵੇਗੀ। ਕਿਆਸ ਤਾਂ ਇਹ ਵੀ ਲਾਏ ਜਾ ਰਹੇ ਹਨ ਕਿ ਕਿਸਾਨ ਨੇਤਾ ਯੋਗ ਸਮਾਂ ਆਉਣ ‘ਤੇ ਕੁੱਦ ਸਕਦੇ ਹਨ।