ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ (Sukhbir Singh Badal) ਬਾਰੇ ਫੈਸਲਾ 2 ਦਸੰਬਰ ਨੂੰ ਆਵੇਗਾ ਅਤੇ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਇਕ ਵਾਰ ਫਿਰ ਆਪਣੇ ਆਪ ਨੰ ਅਕਾਲ ਤਖਤ ਸਾਹਿਬ ਪ੍ਰਤੀ ਸਮਰਪਿਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦਿਆਂ ਪ੍ਰਾਪੇਗੰਡਾ ਚਲਾਉਣ ਤੋਂ ਵਰਜਿਆ ਹੈ।
ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ ਕਿ ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਉਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਕਰਕੇ ਇਸ ਕੂੜ ਪ੍ਰਚਾਰ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ। ਅੱਜ ਸਾਨੂੰ ਪੰਥ ਦੋਖੀ ਤਾਕਤਾਂ ਤੋਂ ਪੂਰਨ ਤੌਰ ‘ਤੇ ਸੁਚੇਤ ਹੋਣ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਸੀਸ ਝੁਕਾਉੰਦੇ ਹੋਏ ਮੈਂ ਆਪਣੇ ਵੱਲੋਂ ਇਸ ਸਾਰੇ ਪ੍ਰਾਪੇਗੰਡੇ ਦੀ ਸਖ਼ਤ ਨਿਖੇਧੀ ਕਰਦੇ ਹਾਂ।