ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ( Shiromani Gurdwara Parbandhak Committee elections) ਲਈ ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ( Advocate Harjinder Singh Dhami) ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ। ਇਸਦੀ ਜਾਣਕਾਰੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਬਾਗੀ ਤੇਵਰ ਦਿਖਾਉਣ ਦੇ ਦੋਸ਼ਾਂ ਤਹਿਤ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਸੀ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ, ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਚੋਣਾਂ ਤੋਂ ਪਿੱਛੇ ਹਟ ਜਾਣ ਲਈ ਵਾਰ ਵਾਰ ਕਿਹਾ ਗਿਆ ਪਰ ਉਹ ਆਪਣੇ ਫੈਸਲੇ ਉੱਤੇ ਅੜੇ ਰਹੇ।
ਪਾਰਟੀ ਵੱਲੋਂ ਮੁਅੱਤਲ ਕਰਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਉਨ੍ਹਾਂ ਦੀ ਪਾਰਟੀ ਹੈ, ਜਿਸ ਕਰਕੇ ਉਹ ਆਪਣੇ ਆਪ ਨੂੰ ਪਾਰਟੀ ਵਿੱਚੋਂ ਮੁਅੱਤਲ ਹੀ ਨਹੀਂ ਸਮਝਦੇ। ਉਨ੍ਹਾਂ ਨੇ ਪਾਰਟੀ ਲਈ ਆਪਣੇ ਪਰਿਵਾਰ ਦੀਆਂ ਕੀਤੀਆਂ ਕੁਰਬਾਨੀਆਂ ਦਾ ਜ਼ਿਕਰ ਵੀ ਕੀਤਾ। ਸ਼੍ਰੋਮਣੀ ਕਮੇਟੀ ਦੀ ਚੋਣ 9 ਨਵੰਬਰ ਨੂੰ ਹੋਣ ਜਾ ਰਹੀ ਹੈ। ਹਾਲਾਂਕਿ, ਬੀਬੀ ਜਗੀਰ ਕੌਰ ਨੇ ਉਸ ਵੇਲੇ ਵੀ ਚੋਣਾਂ ਅੱਗੇ ਪਾਉਣ ਦੀ ਅਪੀਲ ਕੀਤੀ ਸੀ, ਜਿਸਨੂੰ ਧਾਮੀ ਨੇ ਖਾਰਜ ਕਰ ਦਿੱਤਾ ਸੀ।