Punjab Religion

ਗਲ਼ ’ਚ ਤਖ਼ਤੀ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ

ਅੰਮ੍ਰਿਤਸਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 9 ਸਾਲ ਪਹਿਲਾਂ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸਮੇਤ ਸੁਖਦੇਵ ਸਿੰਘ ਢੀਂਡਸਾ ਆਪਣੇ ਗਲ਼ ਵਿੱਚ ਤਖ਼ਤੀ ਪਾ ਕੇ, ਸੇਵਾਦਾਰ ਦੇ ਕੱਪੜੇ ਪਾ ਕੇ ਬਰਸ਼ਾ ਲੈ ਕੇ ਸੇਵਾ ਕਰ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪਖਾਨੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਦਿੱਤੀ ਗਈ ਹੈ।

ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸੁਖਦੇਵ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਵਾ ਕਰਨ ਦਾ ਹੁਕਮ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਗੇਟ ਕੋਲ ਬੈਠਾਂਗਾ ਅਤੇ ‘ਲੰਗਰ’ ‘ਚ ਸੇਵਾ ਵੀ ਕਰਾਂਗਾ…”।

ਇਸ ਸਜ਼ਾ ਵਿੱਚ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਕੰਮ ਕਰਨ ਅਤੇ ਬਰਤਨਾਂ ਅਤੇ ਜੁੱਤੀਆਂ ਨੂੰ ਸਾਫ਼ ਕਰਨ ਦਾ ਨਿਰਦੇਸ਼ ਸ਼ਾਮਲ ਹੈ। ਅਕਾਲ ਤਖ਼ਤ ਨੇ 2007 ਤੋਂ 2017 ਤੱਕ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੀ ਸਰਕਾਰ ਦੁਆਰਾ ਕੀਤੀਆਂ ‘ਗਲਤੀਆਂ’ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਲਈ ਸਜ਼ਾਵਾਂ ਜਾਰੀ ਕੀਤੀਆਂ।

2007-17 ਦੌਰਾਨ ਸੁਖਬੀਰ ਬਾਦਲ ਨੂੰ ਛੱਡ ਕੇ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪੁੱਜਣਗੇ।

ਬੀਤੇ ਦਿਨੀ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਗਏ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ ‘ਗੁਨਾਹਾਂ’ ਨੂੰ ਕਬੂਲ ਕਰ ਲਿਆ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਉਨ੍ਹਾਂ ਵੱਲੋਂ ਕੀਤੇ ‘ਗੁਨਾਹਾਂ’ ਲਈ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਖ਼ਤ ਸਜ਼ਾ ਲਗਾਈ ਹੈ, ਉਥੇ ਹੀ ਇਕ ਕਮੇਟੀ ਦਾ ਗਠਨ ਕਰਦਿਆਂ ਅਕਾਲੀ ਦਲ ਦੀ ਮੁੜ ਸੁਰਜੀਤ ਦਾ ਹੁਕਮ ਦਿੱਤਾ ਹੈ।