Punjab

ਸੀਨੀਅਰ ਅਕਾਲੀ ਆਗੂ ਨਰਾਜ਼, ਕਿਹਾ ਖੇਡੀ ਗਈ ਸਿਆਸਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (SAD) ਦੀ ਪਹਿਲੀ ਲਿਸਟ ਜਾਰੀ ਹੋ ਚੁੱਕੀ ਹੈ। ਜਿਸ ਵਿੱਚ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ ਵਿੱਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋੋੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਟਿਕਟਾਂ ਦੇ ਐਲਾਨ ਤੋਂ ਬਾਅਦ ਢੀਂਡਸਾ ਪਰਿਵਾਰ ਨਰਾਜ਼ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡੇ ਨਾਲ ਸਿਆਸਤ ਖੇਡੀ ਗਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੂਰਾ ਨਹੀਂ ਕੀਤਾ ਹੈ। ਜਦ ਕਿ ਹੁਣ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਸੌਦੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਕੇ ਅਗਲਾ ਫੈਸਲਾ ਲੈਣਗੇ।

ਸੁਖਦੇਵ ਸਿੰਘ ਢੀਂਡਸਾ ਨੇ ਕੁੱਝ ਸਮਾਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅੱਡ ਹੋ ਕੇ ਆਪਣੀ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੁਯੰਕਤ ਬਣਾਈ ਸੀ। ਜਿਸ ਨੇ 2022 ਦੀਆਂ ਚੋਣਾਂ ਭਾਜਪਾ ਨਾਲ ਮਿਲ ਕੇ ਲੜੀਆਂ ਸਨ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਯੰਕਤ ਨੂੰ ਇੱਕ ਵੀ ਸੀਟ ‘ਤੇ ਜਿੱਤ ਹਾਸਲ ਨਹੀਂ ਹੋਈ ਸੀ। ਜਿਸ ਨੂੰ ਬਾਅਦ ‘ਚ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਲਾ ਦਿੱਤਾ ਗਿਆ ਸੀ।