The Khalas Tv Blog Punjab 2 ਮੁੱਦਿਆਂ ‘ਤੇ ਖਹਿਰਾ ਦੀਆਂ ਮਾਨ ਨੂੰ ਖਰੀਆਂ-ਖਰੀਆਂ
Punjab

2 ਮੁੱਦਿਆਂ ‘ਤੇ ਖਹਿਰਾ ਦੀਆਂ ਮਾਨ ਨੂੰ ਖਰੀਆਂ-ਖਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਮੂਸੇਵਾਲਾ ਦੇ ਕਾਤਲ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹਨ। ਪੰਜਾਬ ਪੁਲਿਸ ਨੂੰ ਅਜੇ ਤੱਕ ਇਹ ਵੀ ਨਹੀਂ ਪਤਾ ਕਿ ਪੰਜਾਬ ਦੇ ਉਹ ਕਿਹੜੇ ਸ਼ੂਟਰ ਹਨ, ਜਿਨ੍ਹਾਂ ਨੇ ਸਿੱਧੂ ਮੂਸੇ ਵਾਲੇ ਦਾ ਕਤਲ ਕੀਤਾ ਹੈ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਮੂਸੇਵਾਲਾ ਦੇ ਕਤਲ ਦੀ ਗੁੱਥੀ ਹਾਲੇ ਤੱਕ ਨਾ ਸੁਲਝਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਪਹੁੰਚੇ। ਮਾਪਿਆਂ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਖਹਿਰਾ ਨੇ ਮੂਸੇਵਾਲਾ ਦੇ ਅਸਲ ਕਾਤਲਾਂ ਦੀ ਗ੍ਰਿਫ਼ਤਾਰ ਨਾ ਹੋਣ ਤੱਕ ਜੰਗ ਜਾਰੀ ਰੱਖਣ ਦਾ ਦਾਅਵਾ ਕੀਤਾ ਹੈ।

ਖਹਿਰਾ ਨੇ ਮੂਸੇਵਾਲਾ ਦੇ ਪਰਿਵਾਰ ਦਾ ਅਖੀਰ ਤੱਕ ਸਾਥ ਦੇਣ ਦਾ ਦਾਅਵਾ ਕਰਦਿਆਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਸਿੱਧੂ ਮੂਸੇਵਾਲਾ ਦੇ ਐੱਸਵਾਈਐੱਲ ਗੀਤ ਉੱਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਭਾਰਤ ਵਿੱਚ ਐੱਸਵਾਈਐੱਲ ਗੀਤ ਭਾਜਪਾ ਵੱਲੋਂ ਬੈਨ ਕਰਨ ਉੱਤੇ ਮੁੱਖ ਮੰਤਰੀ ਵੱਲੋਂ ਇਸ ਖ਼ਿਲਾਫ਼ ਆਵਾਜ਼ ਚੁੱਕਣ ਦੀ ਗੱਲ ਕਹੀ ਗਈ ਸੀ ਪਰ ਹੁਣ ਚੁੱਪ ਹੋ ਗਏ ਹਨ। ਉਨ੍ਹਾਂ ਨੇ ਬੇਅਦਬੀ ਮਾਮਲੇ ਵਿੱਚ ਮੋਗਾ ਦੀ ਅਦਾਲਤ ਵੱਲੋਂ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਉੱਤੇ ਬੋਲਦਿਆਂ ਕਿਹਾ ਕਿ ਬਹੁਤ ਹੀ ਥੋੜ੍ਹੀ ਸਜ਼ਾ ਹੈ।

ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਲੋਕਾਂ ਵੱਲੋਂ ਰਿਜੈਕਟ ਕਰ ਦਿੱਤੀ ਗਈ ਹੈ। ਖਹਿਰਾ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਹੋਈ ਜ਼ਮਾਨਤ ਨੂੰ ਲੈ ਕੇ ਤੰਜ ਕੱਸਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਮੂੰਹ ਉੱਤੇ ਕਰਾਰੀ ਚਪੇੜ ਹੈ, ਜੋ ਇਸ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕਰ ਸਕੀ। ਦਰਅਸਲ, ਅੱਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਪੰਜਾਬ ਸਰਕਾਰ ਨੇ ਵੀ ਇਸ ਵਾਰ ਸਿੰਗਲਾ ਦੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ ਹੈ।

Exit mobile version