Punjab

ਹਾਈਕੋਰਟ ਨੇ ਸੁਖਪਾਲ ਖਹਿਰਾ ਲਈ ਖੋਲ੍ਹਿਆ ਜੇਲ੍ਹ ਦਾ ਗੇਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਨਾਮਜ਼ਦਗੀਆਂ ਦਾਖਲ ਕਰਨ ਲਈ 31 ਜਨਵਰੀ ਤੱਕ ਇਜ਼ਾਜਤ ਦੇ ਦਿੱਤੀ ਸੀ। ਉਹ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੇ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਹਾਈਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਲਾ ਰੱਖੀ ਸੀ। ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ 11 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ ਪਰ ਉੱਥੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੱਤ ਸਾਲ ਪਹਿਲਾਂ ਇੱਕ ਕੇਸ ਦਰਜ ਕੀਤਾ ਗਿਆ ਸੀ। ਖਹਿਰਾ ‘ਤੇ ਵਿਦੇਸ਼ਾਂ ਤੋਂ ਚੰਦੇ ਦੇ ਰੂਪ ਵਿੱਚ ਮਾਇਆ ਇਕੱਠੀ ਕਰਨ ਦੇ ਦੋਸ਼ ਲੱਗੇ ਸਨ।

ਖਹਿਰਾ ਦੇ ਪਿਤਾ ਭਰਪੂਰ ਸਿੰਘ ਬਲਬੀਰ ਤਤਕਾਲੀ ਅਕਾਲੀ ਵਜ਼ਾਰਤ ਵਿੱਚ ਸਿੱਖਿਆ ਮੰਤਰੀ ਰਹੇ ਸਨ ਪਰ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਹ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਖਿਲਾਫ਼ ਚੋਣ ਲੜਦੇ ਰਹੇ ਹਨ। ਪਿਛਲੀ ਵਾਰ ਉਹ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਜਿੱਤੇ ਸਨ। ਬਾਅਦ ਵਿੱਚ ਉਨ੍ਹਾਂ ਨੇ ਨਰਾਜ਼ ਹੋ ਕੇ ਆਪਣੀ ਵੱਖਰੀ ਆਪਣਾ ਪੰਜਾਬ ਨਾਂ ਦੀ ਪਾਰਟੀ ਬਣਾ ਲਈ। ਫਿਰ ਉਹ ਪਾਰਟੀ ਭੰਗ ਕਰਕੇ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਅਤੇ ਕਾਂਗਰਸ ਵੱਲੋਂ ਉਨ੍ਹਾਂ ਨੂੰ ਜੇਲ੍ਹ ਵਿੱਚ ਹੀ ਟਿਕਟ ਦਿੱਤੀ ਗਈ ਸੀ।