‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ। ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ – ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ। ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦਿੱਤੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਜੋ ਕਿ ਖਰੜ ਤਹਿਸੀਲ ਦੇ ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜਕੇ ਬਣਾਇਆ ਗਿਆ ਸੀ ਤੇ ਜਿਸ ਵਿੱਚ ਇੱਕ ਵੀ ਇੰਚ ਹਿੰਦੀ ਬੋਲਣ ਵਾਲਾ ਕੋਈ ਪਿੰਡ ਨਹੀਂ ਸੀ। ਹਰਿਆਣਾ ਜੀ ਸਦਕੇ ਆਪਣੀ ਰਾਜਧਾਨੀ ਬਣਾਵੇ ਪਰ ਬਣਾਵੇ ਆਪਣੇ ਸੂਬੇ ਵਿੱਚ।