ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸੁਮੇਧ ਸਿੰਘ ਸੈਣੀ ਅਤੇ ਹੋਰਾਂ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਹੈ ਤੇ ਉਹਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਹੈ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਨੂੰ 2015 ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਇੰਸਪੈਕਟਰ ਜਨਰਲ ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਅਤੇ ਕੋਟਕਪੁਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਸਮੇਤ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ ਵਿੱਚ ਜਾਂਚ ਸੀਬੀਆਈ ਨੂੰ ਸੌਂਪਣ ਅਤੇ ਐਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।ਇਹ ਕੇਸ ਫਰੀਦਕੋਟ ਅਦਾਲਤ ਵਿੱਚ ਚੱਲਦਾ ਹੋਣ ਕਰਕੇ ਇਹਨਾਂ ਸਾਰਿਆਂ ਨੂੰ ਅਦਾਲਤ ਨੇ ਉੱਥੇ ਹੀ ਆਪਣਾ ਪੱਖ ਰੱਖਣ ਲਈ ਕਿਹਾ ਹੈ।
ਹਾਈ ਕੋਰਟ ਨੇ ਕਿਹਾ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਦੇ ਅਪਰਾਧਿਕ ਮਾਮਲੇ ਆਪਸ ਵਿੱਚ ਜੁੜੇ ਹੋਏ ਹਨ। ਇਸ ਲਈ ਕੋਟਕਪੂਰਾ ਅਪਰਾਧਿਕ ਮਾਮਲਿਆਂ ਦੀ ਐਸਆਈਟੀ ਜਾਂਚ ਤੇਜ਼ੀ ਨਾਲ ਕੀਤੀ ਜਾਵੇ ਤਾਂ ਜੋ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਵੀ ਜਾਂਚ ਨੂੰ ਅੱਗੇ ਵਧਾ ਸਕੇ। ਕੋਟਕਪੂਰਾ ਕੇਸਾਂ ਦੀ ਜਾਂਚ ਆਈਪੀਐਸ ਅਧਿਕਾਰੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਕਰ ਰਹੀ ਹੈ।
ਸਾਲ 2015 ਵਿੱਚ ਫਰੀਦਕੋਟ ਦੇ ਪਿੰਡ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿੱਚ ਦੋ ਸਿੱਖ ਵਿਅਕਤੀ ਮਾਰੇ ਗਏ ਸਨ।