‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਮਾਮਲੇ ਦੀ ਪੈਰਵੀ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਸਰਤੇਜ ਸਿੰਘ ਨਰੂਲਾ ਕਰਨਗੇ।

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਦੇ ਸਕੱਤਰ ਅਰੁਣ ਸੇਖੜੀ ਨੇ ਇੱਕ ਹੁਕਮ ਜਾਰੀ ਕਰਕੇ ਸਰਤੇਜ ਸਿੰਘ ਨਰੂਲਾ ਨੂੰ ਸਾਬਕਾ ਡੀਜੀਪੀ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਅਪਰਾਧਿਕ ਕੇਸ ਦੀ ਪੈਰਵੀ ਕਰਨ ਲਈ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਹੈ। ਉਨ੍ਹਾਂ ਨਾਲ ਜ਼ਿਲ੍ਹਾ ਅਦਾਲਤ ਮੁਹਾਲੀ ਦੇ ਸੀਨੀਅਰ ਸਰਕਾਰੀ ਵਕੀਲ ਸੰਜੀਵ ਬੱਤਰਾ ਵੀ ਸਹਿਯੋਗ ਕਰਨਗੇ।

ਉਂਜ ਬੱਤਰਾ ਨੇ ਇਨ੍ਹਾਂ ਤਾਜ਼ਾ ਹੁਕਮਾਂ ਬਾਰੇ ਅਨਜਾਣਤਾ ਪ੍ਰਗਟਾਉਂਦਿਆਂ ਕਿਹਾ ਕਿ ਹਾਲੇ ਤੱਕ ਮੁਹਾਲੀ ਅਦਾਲਤ ਵਿੱਚ ਇਨ੍ਹਾਂ ਹੁਕਮਾਂ ਦੀ ਕਾਪੀ ਨਹੀਂ ਪਹੁੰਚੀ ਹੈ, ਪ੍ਰੰਤੂ ਪੰਜਾਬੀ ਟ੍ਰਿਬਿਊਨ ਕੋਲ ਇਨ੍ਹਾਂ ਤਾਜਾ ਹੁਕਮਾਂ ਦੀ ਕਾਪੀ ਮੌਜੂਦ ਹੈ। ਜਿਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਸਿਫ਼ਾਰਸ਼ ਦਾ ਹਵਾਲਾ ਵੀ ਦਿੱਤਾ ਗਿਆ ਹੈ।