Punjab

ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਕੇਸ ਦੂਜੀ ਅਦਾਲਤ ‘ਚ ਤਬਦੀਲ

‘ਦ ਖ਼ਾਲਸ ਬਿਊਰੋ :- 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਤੇ ਲਾਪਤਾ ਕਰਨ ਦੇ ਗੰਭੀਰ ਇਲਜ਼ਾਮ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ RS ਰਾਏ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਦਿਖਾਉਂਦੇ ਹੋਏ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ‘ਚ ਦਰਜ ਕੇਸ ਨੂੰ ਦੂਜੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।

ਇਸ ਦੌਰਾਨ ਵਿਸ਼ੇਸ਼ ਸਰਕਾਰੀ ਵਕੀਲਾਂ ਸਰਤੇਜ ਸਿੰਘ ਨਰੂਲਾ ਤੇ ਸੰਜੀਵ ਬੱਤਰਾ ਸਮੇਤ ਬਚਾਅ ਪੱਖ ਦੇ ਵਕੀਲ HS ਧਨੋਆ ਵਿਚਕਾਰ ਕੇਸ ਤਬਦੀਲੀ ਨੂੰ ਲੈ ਕੇ ਭਖਵੀਂ ਬਹਿਸ ਹੋਈ। ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ‘ਚ ਹਾਜ਼ਰ ਸਨ।

ਜ਼ਿਲ੍ਹਾ ਤੇ ਸੈਸ਼ਨ ਜੱਜ RS ਰਾਏ ਨੇ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ‘ਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਕੇਸ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚਲ ਰਿਹਾ ਸੀ। ਹੁਣ ਨਵੀਂ ਅਦਾਲਤ ‘ਚ 6 ਜੁਲਾਈ ਸੋਮਵਾਰ ਨੂੰ ਸੈਣੀ ਖ਼ਿਲਾਫ਼ ਕੇਸ ਦੀ ਅਗਲੀ ਸੁਣਵਾਈ ਹੋਵੇਗੀ।