Punjab

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਰੱਦ ਕਰਨ ਦੀ ਸੁਣਵਾਈ ਫਿਰ ਟਲੀ, ਬਿਨਾਂ ਇਜਾਜ਼ਤ ਘਰ ਤੋਂ ਬਾਹਰ ਨਾ ਜਾਣ ਦੇ ਦਿੱਤੇ ਸਖ਼ਤ ਆਦੇਸ਼

‘ਦ ਖ਼ਾਲਸ ਬਿਊਰੋ :- ਤਿੰਨ ਦਹਾਕੇ ਪਹਿਲਾਂ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਧਾਰਾ 364 ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਦੀ ਸੁਣਵਾਈ ਅੱਜ ਫਿਰ ਟਲ ਗਈ ਹੈ। ਦੱਸਣਯੋਗ ਹੈ ਕਿ ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਸੀ। ਅਦਾਲਤ ਨੇ ਸੈਣੀ ਨੂੰ ਆਦੇਸ਼ ਦਿੱਤੇ ਸੀ ਕਿ ਉਹ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਅਤੇ ਅਦਾਲਤ ਨੂੰ ਦੱਸੇ ਬਿਨਾਂ ਆਪਣੇ ਘਰ ਤੋਂ ਬਿਲਕੁਲ ਬਾਹਰ ਨਹੀਂ ਜਾਣਗੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ।

ਸਰਕਾਰੀ ਵਕੀਲ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਪਿਛਲੇ ਸਮੇਂ ਦੌਰਾਨ ਅਦਾਲਤ ਅਤੇ ਸਿੱਟ ਨੂੰ ਕੁੱਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਲਿਹਾਜ਼ਾ ਉਸ ਨੂੰ ਦਿੱਤੀ ਜ਼ਮਾਨਤ ਰੱਦ ਕੀਤੀ ਜਾਵੇ। ਉਧਰ, ਸੁਣਵਾਈ ਦੌਰਾਨ ਸੈਣੀ ਵੱਲੋਂ ਪੰਜਾਬ ਸਰਕਾਰ ਤੇ ਪੀੜਤ ਪਰਿਵਾਰ ਵੱਲੋਂ ਲਗਾਏ ਇਤਰਾਜ਼ਾਂ ਬਾਰੇ ਆਪਣਾ ਲਿਖਤੀ ਪੱਖ ਨਹੀਂ ਰੱਖਿਆ ਗਿਆ, ਸਗੋਂ ਉਕਤ ਕਾਰਵਾਈ ਲਈ ਇਹ ਕਹਿ ਕੇ ਹੋਰ ਮੋਹਲਤ ਮੰਗੀ ਗਈ ਕਿ ਸੈਣੀ ਦੀ ਪੱਕੀ ਜ਼ਮਾਨਤ ਬਾਰੇ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਰਾਖਵਾਂ ਰੱਖਿਆ ਜਾਵੇ, ਅਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਉਹ ਆਪਣਾ ਜਵਾਬ ਦਾਇਰ ਕਰ ਦੇਣਗੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਰਕਾਰ ਦੀ ਅਰਜ਼ੀ ’ਤੇ ਕੇਸ ਦੀ ਅਗਲੀ ਤਰੀਕ 3 ਦਸੰਬਰ ਨੂੰ ਨਿਰਧਾਰਿਤ ਕਰ ਦਿੱਤੀ ਹੈ।