ਬਿਊਰੋ ਰਿਪੋਰਟ (8 ਮਾਰਚ, 2026): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੇ ਬਜਟ ਨੂੰ ‘ਪੰਜਾਬ ਦੀਆਂ ਜੜ੍ਹਾਂ ਉਖਾੜਨ ਵਾਲਾ ਬਜਟ’ ਕਰਾਰ ਦਿੱਤਾ ਹੈ। ਬਰਨਾਲਾ ਵਿਖੇ 14 ਮਾਰਚ ਨੂੰ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਸਬੰਧੀ ਰੱਖੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਰਜ਼ੇ ਅਤੇ ਗਰੰਟੀਆਂ ’ਤੇ ਕਈ ਸਵਾਲ ਖੜ੍ਹੇ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।
ਕਰਜ਼ੇ ਅਤੇ ਗਾਰੰਟੀਆਂ ’ਤੇ ਚੁੱਕੇ ਸਵਾਲ
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਿਰ ਸਾਢੇ ਚਾਰ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਸਰਕਾਰ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗੱਲ ਤਾਂ ਕਰ ਰਹੀ ਹੈ, ਪਰ ਇਸ ਲਈ ਪੈਸਾ ਕਿੱਥੋਂ ਆਵੇਗਾ? ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਨੂੰ ‘ਗਰੰਟੀਆਂ ਪੂਰੀਆਂ ਕਰਨ ਵਾਲਾ ਬਜਟ’ ਕਹਿਣ ’ਤੇ ਪਲਟਵਾਰ ਕਰਦਿਆਂ ਜਾਖੜ ਨੇ ਕਿਹਾ ਕਿ ਇਹ ਬਜਟ ਅਸਲ ਵਿੱਚ ਪੰਜਾਬ ਦੀਆਂ ਜੜ੍ਹਾਂ ਉਖਾੜਨ ਵਾਲਾ ਹੈ।
ਕੇਵਲ ਢਿੱਲੋਂ ਦਾ ਤੰਜ਼: “ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ”
ਇਸ ਮੌਕੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬੀ ਕਹਾਵਤ ‘ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਲ ਪੈਸਾ ਤਾਂ ਹੈ ਨਹੀਂ, ਫਿਰ ਗਰੰਟੀਆਂ ਕਿਵੇਂ ਪੂਰੀਆਂ ਹੋਣਗੀਆਂ?
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਭਿਆਨਕ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਸਿਰ ਕਰਜ਼ਾ 4 ਲੱਖ ਕਰੋੜ ਤੋਂ ਪਾਰ ਹੋ ਗਿਆ ਹੈ ਅਤੇ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਸਾਬਤ ਹੋ ਰਹੀ ਹੈ।
14 ਮਾਰਚ ਨੂੰ ਮੋਗਾ ਰੈਲੀ ’ਚ ਪਹੁੰਚਣਗੇ ਅਮਿਤ ਸ਼ਾਹ
ਸੁਨੀਲ ਜਾਖੜ ਨੇ ਦੱਸਿਆ ਕਿ 14 ਮਾਰਚ ਨੂੰ ਮੋਗਾ ਵਿੱਚ ਭਾਜਪਾ ਦੀ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਬਰਨਾਲਾ ਜ਼ਿਲ੍ਹੇ ਦੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਜਾਖੜ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ ਅਤੇ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਲੋਕ ਇਸ ਵਿੱਚ ਸ਼ਾਮਲ ਹੋਣਗੇ, ਕਿਉਂਕਿ ਹੁਣ ਪੰਜਾਬ ਦੇ ਲੋਕਾਂ ਲਈ ਸਿਰਫ਼ ਭਾਜਪਾ ਹੀ ਇੱਕੋ-ਇੱਕ ਉਮੀਦ ਬਚੀ ਹੈ।

