The Khalas Tv Blog Punjab ਸ਼ੁਭਕਰਨ ਦੇ ਮੁੱਦੇ ‘ਤੇ ਬੋਲੇ ਸੁਨੀਲ ਜਾਖੜ, ਕਿਹਾ ‘ਦੋਸ਼ੀਆਂ ਖਿਲਾਫ ਹੋਣੀ ਚਾਹੀਦੀ ਕਾਰਵਾਈ’
Punjab

ਸ਼ੁਭਕਰਨ ਦੇ ਮੁੱਦੇ ‘ਤੇ ਬੋਲੇ ਸੁਨੀਲ ਜਾਖੜ, ਕਿਹਾ ‘ਦੋਸ਼ੀਆਂ ਖਿਲਾਫ ਹੋਣੀ ਚਾਹੀਦੀ ਕਾਰਵਾਈ’

ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ 21 ਫਰਵਰੀ ਨੂੰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਵਿੱਚ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਜਦੋਂ ਕਿ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਗ਼ੁੱਸਾ ਫੁੱਟਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ।

ਸ਼ੁਭਕਰਨ ਦੀ ਮੌਤ ‘ਤੇ ਸੁਨੀਲ ਜਾਖੜ ਦੀ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਨਸੀਹਤ ਦਿੱਤੀ ਹੈ। ਜਾਖੜ ਨੇ ਕਿਹਾ ਕਿ ਸਰਕਾਰਾਂ ਤੇ ਸੁਰੱਖਿਆ ਬਲਾਂ ਨੂੰ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸ਼ੁਭ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਉਸ ਦੀ ਮੌਤ ਲਈ ਜ਼ਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜ਼ਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜ਼ਿੰਦਗੀ ਅਨਮੋਲ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸ਼ਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ। ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵਧਣਾ ਚਾਹੀਦਾ ਹੈ।

Exit mobile version