ਮੁਹਾਲੀ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਈ ਮਹੀਨਿਆਂ ਤੋਂ ਸੂਬੇ ਦੀ ਸਿਆਸਤ ਤੋਂ ਦੂਰ ਰਹੇ ਹਨ। ਅੱਜ ਉਨ੍ਹਾਂ ਵੱਲੋਂ ਇੱਕ ਮੀਡੀਆ ਅਦਾਰੇ ਨਾਲ ਗੱਲ ਕਰਦਿਆਂ ਕਿਹਾ ਗਿਆ ਕਿ ਪੰਜਾਬ ਵਿਚ ਇਕ ਵੀ ਸੀਟ ਨਾ ਮਿਲਣਾ ਮੇਰੀ ਨਾਕਾਮੀ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਵੋਟ ਪ੍ਰਤੀਸ਼ਤ 6% ਤੋਂ 18% ਹੋ ਗਿਆ ਪਰ ਇਹ ਕੌੜਾ ਸੱਚ ਹੈ ਕਿ ਸਾਨੂੰ ਪੰਜਾਬ ‘ਚ ਇਕ ਵੀ ਸੀਟ ਨਹੀਂ ਮਿਲੀ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਮੇਰੀ ਇਹ ਨਾਕਾਮੀ ਸੀ।
ਜਾਖੜ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਮੈਂ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਦਿੱਤਾ। ਮੈਂ ਹਾਈਕਮਾਂਡ ਕੋਲ ਪੰਜਾਬ ਦੇ ਕਈ ਮੁੱਦੇ ਰੱਖੇ ਤੇ ਉਨ੍ਹਾਂ ‘ਤੇ ਚਰਚਾ ਵੀ ਕੀਤੀ। ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ। ਇਹੀ ਕਾਰਨ ਹੈ ਕਿ ਮੈਂ ਪਿਛਲੇ ਕੁਝ ਸਮੇਂ ਤੋਂ ਚੋਣਾਂ ‘ਚ ਸਰਗਰਮ ਨਹੀਂ ਹਾਂ। ਮੈਂ ਆਪਣੇ ਆਪ ‘ਤੇ ਫੇਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ।
ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਤੇ ਪੰਜਾਬੀਆਂ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਹਮੇਸ਼ਾ ਭਾਈਚਾਰਕ ਸਦਭਾਵਨਾ ਦਾ ਸਬੂਤ ਦਿੱਤਾ ਹੈ। ਕਰਤਾਰਪੁਰ ਲਾਂਘਾ ਖੁਲਵਾਉਣ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਲਾਲ ਕਿਲੇ ‘ਤੇ ਮਨਾਉਣ, ਵੀਰ ਬਾਲ ਦਿਵਸ ਮਨਾਉਣ ਵਰਗੇ ਕੰਮ ਉਨ੍ਹਾਂ ਦੇ ਪੰਜਾਬ ਪ੍ਰਤੀ ਲਗਾਅ ਨੂੰ ਦਰਸਾਉਂਦੇ ਹਨ।
ਕਿਸਾਨਾਂ ਬਾਰੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ‘ਚ ਅਜੇ ਵੀ ਤਿੰਨ ਖੇਤੀ ਕਾਨੂੰਨਾਂ ਦੀ ਟੀਸ ਬਰਕਰਾਰ ਹੈ। ਅੰਦੋਲਨ ਕਾਰਨ ਕਈ ਕਿਸਾਨਾਂ ਨੇ ਜਾਨਾਂ ਗੁਆਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਇਹ ਗੱਲ ਮੰਨ ਚੁੱਕੇ ਹਨ ਕਿ ਕਿਸਾਨਾਂ ਨੂੰ ਸਮਝਾਉਣ ‘ਚ ਸਾਡੀ ਸਰਕਾਰ ਕਾਮਯਾਬ ਨਹੀਂ ਹੋ ਸਕੀ। ਇਸ ਸਮੇਂ ਕਿਸਾਨਾਂ ਦੀ ਬਾਂਹ ਫੜਨ ਤੇ ਉਨ੍ਹਾਂ ਨਾਲ ਸੰਵਾਦ ਰਚਾਉਣ ਦੀ ਲੋੜ ਹੈ।
ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਰਹਿਣਾ ਪੰਜਾਬ ‘ਚ ਬਹੁਤ ਜਰੂਰੀ ਹੈ ਚਾਹੇ ਉਸ ‘ਚ ਸੁਖਬੀਰ ਬਾਦਲ ਹੋਣ ਜਾਂ ਨਾ ਹੋਣ। ਅਕਾਲੀ ਦਲ ਇਕ ਇੰਸਟੀਚਿਊਟ ਹੈ | ਇਸ ਤੋਂ ਇਲਾਵਾ ਅਕਾਲੀ ਦਲ ਇਕ ਸੋਚ ਹੈ। ਅਕਾਲੀ ਦਲ ਨੂੰ ਮਜ਼ਬੂਤ ਰੱਖਣ ਲਈ ਇਸ ‘ਚ ਚੰਗੇ ਰਾਜਨੇਤਾ ਹੋਣੇ ਚਾਹੀਦੇ ਹਨ। ਪਹਿਲਾਂ ਅਕਾਲੀ ਦਲ ‘ਚ ਜਿਹੜੇ ਨੇਤਾਵਾਂ ਨੇ ਬੁੱਲ੍ਹੇ ਲੁੱਟੇ ਹਨ, ਉਹ ਹੁਣ ਕਿਉਂ ਅਕਾਲੀ ਦਲ ਖ਼ਿਲਾਫ਼ ਬੋਲਦੇ ਹਨ ਤੇ ਪਹਿਲਾਂ ਕਿਉਂ ਨਹੀਂ ਬੋਲੇ।
ਜਾਖੜ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਪੰਜਾਬ ‘ਚ ਅਕਾਲੀ ਦਲ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਇਹ ਸਿਰਫ਼ ਸਿਆਸੀ ਪਾਰਟੀ ਨਹੀਂ ਹੈ। ਇਸ ਦੀ ਨੀਂਹ ਸ੍ਰੀ ਅਕਾਲ ਤਖ਼ਤ ਸਾਹਿਬ ਜਿਹੇ ਮੁਕੱਦਸ ਅਸਥਾਨ ਤੋਂ ਰੱਖੀ ਗਈ। ਇਸ ਦੀ ਤੁਲਨਾ ਕਿਸੇ ਹੋਰ ਸਿਆਸੀ ਪਾਰਟੀ ਨਾਲ ਨਹੀਂ ਕੀਤੀ ਜਾ ਸਕਦੀ।