ਅੰਮ੍ਰਿਤਸਰ : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹੈ। ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ, ਪੰਥਕ ਹਸਤੀਆਂ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸਵੇਰੇ 9 ਵਜੇ ਤੋਂ 12 ਵਜੇ ਤੱਕ ਸੁੰਦਰ ਜਲੌਅ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਦਾ ਹਰ ਕੋਨਾ ਕੋਨਾ ਸੁੰਦਰ ਫੁੱਲਾਂ ਦੀ ਸਜਾਵਟ ਦੇ ਨਾਲ ਮਹਿਕ ਉੱਠਿਆ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਅਲੌਕਿਕ ਨਗਰ ਕੀਰਤਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਗੁਰੂ ਘਰ ਨਤਮਸਤਕ ਹੋ ਰਹੀਆਂ ਸੰਗਤਾਂ: ਇਸ ਮੌਕੇ ਵੱਡੀ ਗਿਣਤੀ ਵਿੱਚ ਪੰਥਕ ਸਖਸ਼ੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਵਿੱਚ ਵਸਦੀ ਸਾਰੀ ਸੰਗਤ ਗੁਰੂ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ।