‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਚੱਲ ਰਹੇ ਰੋਡ ਰੇਜ ਕੇਸ ਵਿੱਚ ਫ਼ੈਸਲਾ ਰਾਖਵਾਂ ਕਰ ਲਿਆ ਹੈ। ਅੱਜ ਅਦਾਲਤ ਵਿੱਚ ਪਟੀਸ਼ਨਰ ਅਤੇ ਬਚਾਅ ਪੱਖ ਦਰਮਿਆਨ ਬਹਿਸ ਖ਼ਤਮ ਹੋ ਗਈ ਹੈ। ਸਿੱਧੂ ਵਿਰੁੱਧ 33 ਸਾਲ ਪਹਿਲਾਂ ਪਟਿਆਲਾ ਦੀ ਇੱਕ ਪਾਰਕਿੰਗ ਵਿੱਚ ਹੋਏ ਇੱਕ ਝਗੜੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਇੱਕ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਕੇਸ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਉਸ ਤੋਂ ਪਹਿਲਾਂ ਪੰਜਾਬ ਅਤੇ ਹਰਿਾਆਣਾ ਹਾਈਕੋਰਟ ਨੇ ਮੁਲਜ਼ਮ ਨੂੰ ਸਜ਼ਾ ਸੁਣਾ ਦਿੱਤੀ ਸੀ ਪਰ ਬਾਅਦ ਵਿੱਚ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ। ਸੁਪਰੀਮ ਕੋਰਟ ਵੱਲੋਂ ਮੁਲਜ਼ਮ ਨੂੰ ਦਸ ਲੱਖ ਰੁਪਏ ਦਾ ਜ਼ੁਰਮਾਨਾ ਲਾ ਕੇ ਰਿਹਾਅ ਕਰ ਦਿੱਤਾ ਗਿਆ ਸੀ। ਰਿਵਿਊ ਪਟੀਸ਼ਨ ਵਿੱਚ ਸਿੱਧੂ ਦੇ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ ਕਿਉਂਕਿ ਝਗੜੇ ਦੌਰਾਨ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਅਦਾਲਤ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਨੇ ਦਾਅਵਾ ਕੀਤਾ ਕਿ ਮੁਲਜ਼ਮ ਦੀ ਲੜਾਈ ਝਗੜੇ ਵਿੱਚ ਸ਼ਮੂਲੀਅਤ ਨਹੀਂ ਸੀ। ਝਗੜਾ ਹੋਣ ਵੇਲੇ ਸਿੱਧੂ ਦਾ ਇੱਕ ਦੋਸਤ ਵੀ ਸ਼ਾਮਿਲ ਸੀ। ਇਹ ਘਟਨਾ 1988 ਦੀ ਹੈ।
ਪੰਜਾਬ ਵਿਧਾਨ ਸਭਾ ਚੋਣ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਸਿੱਧੂ ਨੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜੀ ਪਰ ਉਹ ਹਾਰ ਗਏ। ਅਦਾਲਤ ਦੇ ਫੈਸਲੇ ਨਾਲ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ਸਿੱਧੂ ਦੀ ਹਾਰ ਕਾਰਨ ਉਨ੍ਹਾਂ ਦਾ ਸਿਆਸੀ ਭਵਿੱਖ ਪਹਿਲਾਂ ਹੀ ਦਾਅ ਉੱਤੇ ਲੱਗਿਆ ਹੋਇਆ ਹੈ।