India

ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ! ਅਦਾਲਤ ਨੇ ਇਹ ਰੱਖੀ ਸ਼ਰਤ

ਨਵੀਂ ਦਿੱਲੀ: ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ਦਾਖ਼ਲ ਕੀਤੀ ਹੈ। ਇੱਕ ਹੋਰ ਅਰਜ਼ੀ ਵਿੱਚ ਉਨ੍ਹਾਂ ਨੇ ਜ਼ਮਾਨਤ ਲਈ ਵੀ ਅਪੀਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਦੀਆਂ ਦੋਵੇਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਜਸਟਿਸ ਸੂਰਿਆ ਕਾਂਤ ਅਤੇ ਉੱਜਵਲ ਭੂਈਆਂ ਦੀ ਬੈਂਚ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਸੀਂ ਪਹਿਲਾਂ ਦੂਜੇ ਪੱਖ ਨੂੰ ਵੀ ਸੁਣਾਂਗੇ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ 23 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ।

ਅੱਜ ਅਦਾਲਤ ਵਿੱਚ ਕੀ ਹੋਇਆ?

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਸੀਬੀਆਈ ਦੁਆਰਾ ਆਪਣੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਸੀਬੀਆਈ ਤੋਂ 23 ਅਗਸਤ ਤੱਕ ਜਵਾਬ ਮੰਗਿਆ ਹੈ ਅਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਦਿੱਲੀ ਹਾਈ ਕੋਰਟ ਨੇ ਖਾਰਜ ਕੀਤੀ ਸੀ ਪਟੀਸ਼ਨ

ਦਿੱਲੀ ਹਾਈ ਕੋਰਟ ਨੇ 5 ਅਗਸਤ ਨੂੰ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਂਦਿਆਂ ਮੁੱਖ ਮੰਤਰੀ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਸੀਬੀਆਈ ਦੀ ਕਾਰਵਾਈ ਗ਼ਲਤ ਨਹੀਂ ਸੀ। ਕਿਉਂਕਿ ਮੁੱਖ ਮੰਤਰੀ ਹੁੰਦਿਆਂ ਤੁਸੀਂ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹੋ।

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਿਤ ਸੀਬੀਆਈ ਕੇਸ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। 5 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਇੱਥੇ ਸੀਬੀਆਈ ਨੇ ਦਲੀਲ ਦਿੱਤੀ ਸੀ ਕਿ ‘ਆਪ’ ਕੋਆਰਡੀਨੇਟਰ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਸੀਬੀਆਈ ਦੀ ਦਲੀਲ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਸੁਪਰੀਮ ਕੋਰਟ ਪਹਿਲਾਂ ਹੀ ਈਡੀ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਚੁੱਕੀ ਹੈ।

ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਦਿੱਤੀ ਸੀ ਜ਼ਮਾਨਤ

ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੇਠਲੀ ਅਦਾਲਤ ਨੇ 20 ਜੂਨ ਨੂੰ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

ਹਾਲਾਂਕਿ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਸੀਬੀਆਈ ਅਤੇ ਈਡੀ ਦਾ ਇਲਜ਼ਾਮ ਹੈ ਕਿ ਆਬਕਾਰੀ ਨੀਤੀ ਵਿੱਚ ਸੋਧ ਕਰਨ ਵਿੱਚ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਗੈਰ ਕਾਨੂੰਨੀ ਲਾਭ ਦਿੱਤੇ ਗਏ ਸਨ।