ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ (Supreme Court vacation bench) ਨੇ ਅੱਜ (ਮੰਗਲਵਾਰ 28 ਮਈ) ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੈਡੀਕਲ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਹ ਉਚਿਤ ਹੋਵੇਗਾ ਕਿ ਭਾਰਤ ਦੇ ਚੀਫ਼ ਜਸਟਿਸ ਪਟੀਸ਼ਨ ਨੂੰ ਸੂਚੀਬੱਧ ਕਰਨ ’ਤੇ ਕੋਈ ਫੈਸਲਾ ਲੈਣ।
ਦੱਸ ਦੇਈਏ ਬੀਤੇ ਕੱਲ੍ਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ ਸੀ। ਕੇਜਰੀਵਾਲ ਨੇ ਇਸ ਲਈ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੂੰ ਕੋਈ ਵੱਡੀ ਬਿਮਾਰੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ।
ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਸ਼ੱਕ ਹੈ ਕਿ ਉਨ੍ਹਾਂ ਨੂੰ ਕੋਈ ਗੰਭੀਰ ਬੀਮਾਰੀ ਹੈ। ਉਸ ਨੇ ਆਪਣੀ ਪਟੀਸ਼ਨ ‘ਚ ਕਿਹਾ, ‘ਮੇਰੀ ਗ੍ਰਿਫਤਾਰੀ ਤੋਂ ਬਾਅਦ ਮੇਰਾ ਭਾਰ 7 ਕਿਲੋ ਘਟ ਗਿਆ ਹੈ। ਮੇਰਾ ਕੀਟੋਨ ਪੱਧਰ ਉੱਚਾ ਹੈ। ਮੈਨੂੰ ਕਿਸੇ ਗੰਭੀਰ ਬਿਮਾਰੀ ਦੇ ਲੱਛਣ ਹੋ ਸਕਦੇ ਹਨ। ਮੈਕਸ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਹੈ। ਇਸ ਲਈ ਮੈਨੂੰ ਪੀਈਟੀ-ਸੀਟੀ ਸਕੈਨ ਅਤੇ ਕਈ ਟੈਸਟ ਕਰਵਾਉਣ ਦੀ ਲੋੜ ਹੈ।’ ਇਸ ਲਈ ਜਾਂਚ ਲਈ ਸੁਪਰੀਮ ਕੋਰਟ ਤੋਂ 7 ਦਿਨਾਂ ਦਾ ਸਮਾਂ ਮੰਗਿਆ ਹੈ।