ਬਿਉਰੋ ਰਿਪੋਰਟ: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਟ੍ਰੇਨੀ ਡਾਕਟਰ ਨਾਲ ਜਬਰਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਦੇ ਜਬਰਜਨਾਹ ਅਤੇ ਕਤਲ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖ਼ੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਸ ਘਟਨਾ ਦਾ ਨੋਟਿਸ ਲਿਆ ਅਤੇ ਮਾਮਲੇ ਦੀ ਸੁਣਵਾਈ ਕੀਤੀ। ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਬੈਂਚ ਵਿੱਚ ਚੀਫ਼ ਜਸਟਿਸ ਚੰਦਰਚੂੜ ਤੋਂ ਇਲਾਵਾ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਸਨ।
ਅਸੀਂ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ’
ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਇਹ ਸਿਰਫ਼ ਕਤਲ ਦਾ ਮਾਮਲਾ ਨਹੀਂ ਹੈ। ਅਸੀਂ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਬੈਂਚ ਨੇ ਕਿਹਾ ਕਿ ਔਰਤਾਂ ਨੂੰ ਸੁਰੱਖਿਆ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਬੈਂਚ ਨੇ ਪੁੱਛਿਆ ਕਿ ਅਜਿਹੇ ਹਾਲਾਤ ਵਿੱਚ ਡਾਕਟਰ ਕਿਵੇਂ ਕੰਮ ਕਰਨਗੇ। ਅਸੀਂ ਦੇਖਿਆ ਹੈ ਕਿ ਕਈ ਥਾਵਾਂ ’ਤੇ ਉਨ੍ਹਾਂ ਲਈ ਆਰਾਮ ਕਰਨ ਲਈ ਕਮਰੇ ਵੀ ਨਹੀਂ ਹਨ।
ਸੁਪਰੀਮ ਕੋਰਟ ਨੇ ਕਿਹਾ, “ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਔਰਤਾਂ ਕੰਮ ’ਤੇ ਜਾਣ ਦੇ ਯੋਗ ਨਹੀਂ ਹਨ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਤੋਂ ਵਾਂਝੇ ਕਰ ਰਹੇ ਹਾਂ। ਜ਼ਿਆਦਾਤਰ ਨੌਜਵਾਨ ਡਾਕਟਰ 36 ਘੰਟੇ ਕੰਮ ਕਰਦੇ ਹਨ। ਸਾਨੂੰ ਕੰਮ ਕਰਨ ਦੀਆਂ ਸੁਰੱਖਿਅਤ ਸਥਿਤੀਆਂ ਨੂੰ ਯਕੀਨੀ ਬਣਾਉਣ ਲਈ ਇੱਕ ਰਾਸ਼ਟਰੀ ਪ੍ਰੋਟੋਕੋਲ ਬਣਾਉਣ ਦੀ ਜ਼ਰੂਰਤ ਹੈ।”
ਪੀੜਿਤਾ ਦੀ ਪਛਾਣ ਉਜਾਗਰ ਕਰਨ ’ਤੇ ਸੁਪਰੀਮ ਕੋਰਟ ਨਾਰਾਜ਼
ਸੁਪਰੀਮ ਕੋਰਟ ਨੇ ਪੀੜਤਾ ਦੀ ਪਛਾਣ ਜ਼ਾਹਰ ਕਰਨ ’ਤੇ ਵੀ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਕਿਹਾ ਕਿ ਇਹ ਘਟਨਾ ਦੁਖਦ ਹੈ। ਸੁਪਰੀਮ ਕੋਰਟ ਨੇ ਐਲਾਨ ਕੀਤਾ ਕਿ ਅਸੀਂ ਇਸ ਘਟਨਾ ਦੀ ਜਾਂਚ ਲਈ ਨੈਸ਼ਨਲ ਟਾਸਕ ਫੋਰਸ ਬਣਾਉਣ ਜਾ ਰਹੇ ਹਾਂ। ਇਹ ਟਾਸਕ ਫੋਰਸ ਅਦਾਲਤ ਦੀ ਨਿਗਰਾਨੀ ਹੇਠ ਕੰਮ ਕਰੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸੀਬੀਆਈ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ।
ਪੁਲਿਸ ਦੀ ਕਾਰਵਾਈ ’ਤੇ ਵੀ ਚੁੱਕੇ ਸਵਾਲ
ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਪੁਲਿਸ ਦੀ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਹਨੇਰੇ ’ਚ ਰੱਖਣ ਦੇ ਇਲਜ਼ਾਮਾਂ ’ਤੇ ਵੀ ਸਵਾਲ ਚੁੱਕੇ ਹਨ। ਅਦਾਲਤ ਨੇ ਕਿਹਾ ਕਿ ਇਹ ਅਪਰਾਧ ਦਾ ਮਾਮਲਾ ਨਹੀਂ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਿੱਚ ਵੀ ਦੇਰੀ ਹੋਈ। ਐਫਆਈਆਰ ਦਰਜ ਕਰਵਾਉਣ ਦੀ ਜ਼ਿੰਮੇਵਾਰੀ ਹਸਪਤਾਲ ਦੀ ਸੀ। ਪਰ ਦੇਰ ਰਾਤ ਤੱਕ ਐਫ.ਆਈ.ਆਰ. ਦਰਜ ਕਰਵਾਈ ਗਈ। ਇਸ ਮਾਮਲੇ ਵਿੱਚ ਹਸਪਤਾਲ ਪ੍ਰਬੰਧਨ ਕੀ ਕਰ ਰਿਹਾ ਸੀ? ਮ੍ਰਿਤਕਾ ਦੀ ਲਾਸ਼ ਵੀ ਕਾਫੀ ਦੇਰ ਬਾਅਦ ਵਾਰਸਾਂ ਹਵਾਲੇ ਕੀਤੀ ਗਈ।
ਅਦਾਲਤ ਨੇ ਆਰਜੀ ਕਾਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਬਾਰੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਹ ਬਹੁਤ ਡਰਾਉਣੀ ਘਟਨਾ ਹੈ। ਪ੍ਰਿੰਸੀਪਲ ਨੇ ਸਭ ਤੋਂ ਪਹਿਲਾਂ ਮਾਮਲੇ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ। ਆਖਿਰ ਪ੍ਰਿੰਸੀਪਲ ਕੀ ਕਰ ਰਿਹਾ ਸੀ? ਸੁਪਰੀਮ ਕੋਰਟ ਨੇ ਪੁੱਛਿਆ ਕਿ ਇਸ ਮਾਮਲੇ ਤੋਂ ਬਾਅਦ ਪ੍ਰਿੰਸੀਪਲ ਨੂੰ ਕਿਸੇ ਹੋਰ ਥਾਂ ’ਤੇ ਕਿਵੇਂ ਨਿਯੁਕਤ ਕੀਤਾ ਗਿਆ?