‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰਦਿਆਂ 23 ਫਰਵਰੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਦੇ ਹੁਕਮ ਬਰਕਰਾਰ ਰਹਿਣਗੇ। ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ਦੇ ਨਾਲ ਮਜੀਠੀਆ ਨੂੰ ਖੁੱਲ੍ਹ ਕੇ ਚੋਣ ਲੜਨ ਲਈ ਰਾਹਤ ਮਿਲ ਗਈ ਹੈ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ ਵੀ ਰਮੰਨਾ ਨੇ ਅੱਜ ਅਦਾਲਤ ਦੀ ਸੁਣਵਾਈ ਦੌਰਾਨ ਕਿਹਾ ਕਿ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਅਜਿਹੇ ਅਪਰਾਧਿਕ ਕੇਸਾਂ ਵਿੱਚ ਫਸਾਉਣਾ ਆਮ ਵਰਤਾਰਾ ਹੈ। ਦੱਸ ਦੇਈਏ ਕਿ ਪਿਛਲੇ ਹਫ਼ਤੇ ਸੁਪਰੀਮ ਕੋਰਟ ਵੱਲੋਂ ਮੁਲਜ਼ਮ ਦੀ ਅੱਜ ਤੱਕ ਲਈ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਗਈ ਸੀ। ਉਨ੍ਹਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਐੱਨਡੀਪੀਐੱਸ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਹਾਈਕੋਰਟ ਵੱਲੋਂ ਦੋ ਵਾਰ ਪੇਸ਼ਗੀ ਜ਼ਮਾਨਤ ਦੀ ਰਾਹਤ ਦੇਣ ਤੋਂ ਬਾਅਦ ਤੀਜੀ ਵਾਰੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਚੋਣ ਲੜ ਰਹੇ ਹਨ। ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਲੜਾਈ ਗਹਿਗੱਚ ਅਤੇ ਦਿਲਚਸਪ ਬਣ ਗਈ ਹੈ। ਆਪਣੇ ਜੱਦੀ ਹਲਕਾ ਮਜੀਠਾ ਤੋਂ ਚੋਣ ਲੜਨ ਨੂੰ ਲੈ ਕੇ ਹਾਲ ਦੀ ਘੜੀ ਦੁਚਿੱਤੀ ਵਿੱਚ ਹਨ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹਨਾਂ ਦੀ ਪਤਨੀ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ।