Punjab

ਸੁਪਰੀਮ ਕੋਰਟ ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ, ਕੈਪਟਨ ਨੇ ਵੀ ਭੇਜਿਆ ਆਪਣਾ ਵਕੀਲ

‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਅਤੇ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਕੇਸ ‘ਚ ਮੁੱਖ ਮੁਲਜ਼ਮ ਸਾਬਕਾ DGP ਸੁਮੇਧ ਸੈਣੀ ਦੀ ਅੱਜ 15 ਸਤੰਬਰ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈੱਡੀ ਤੇ ਜਸਟਿਸ ਐੱਮ ਆਰ ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਵੱਲੋਂ ਸਵੇਰੇ 10.30 ਵਜੇ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।

ਪੰਜਾਬ ਸਰਕਾਰ ਤੇ ਪੁਲੀਸ ਵੱਲੋਂ ਸਾਬਕਾ ਸੈਣੀ ਨੂੰ ਜ਼ਮਾਨਤ ਨਾ ਦੇਣ ਦੀ ਅਪੀਲ ਕੀਤੀ ਜਾਵੇਗੀ। ਸੈਣੀ ਨੇ ਆਪਣੀਆਂ ਪਟੀਸ਼ਨਾਂ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ CBI ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਕੇਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਸੁਮੇਧ ਸੈਣੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਬਚਾਅ ਪੱਖ ਦੇ ਵਕੀਲਾਂ ਨੇ ਸਾਰੀਆਂ ਤਰੁੱਟੀਆਂ ਦੂਰ ਕਰ ਕੇ ਨਵੇਂ ਸਿਰਿਓਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ’ਤੇ ਅੱਜ ਸੁਣਵਾਈ ਹੋਵੇਗੀ।

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਕੇ ਅਪੀਲ ਕੀਤੀ ਗਈ ਹੈ। ਇਸ ਸਬੰਧੀ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਸਰਕਾਰ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਸਾਬਕਾ DGP ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਟੇਟ ਦਾ ਪੱਖ ਵੀ ਸੁਣਿਆ ਜਾਵੇ। ਮੁਹਾਲੀ ਪੁਲੀਸ ਵੱਲੋਂ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ, ਪਰ ਹੁਣ ਤੱਕ ਪੁਲੀਸ ਨੂੰ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ‘SIT’ ਦੇ ਮੁਖੀ SP ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਉਹ ਸੈਣੀ ਮਾਮਲੇ ਵਿੱਚ ਮੀਡੀਆ ਨਾਲ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।