‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱ ਤਿਆ ਮਾਮਲੇ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਏਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਹੈ। ਪੇਰਾਰਿਵਲਨ ਉਨ੍ਹਾਂ ਸੱਤ ਦੋਸ਼ੀਆਂ ਵਿੱਚੋਂ ਇੱਕ ਹੈ ਜਿਸਨੂੰ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਸੀ। ਉਨ੍ਹਾਂ ਦੇ ਨਾਲ ਹੀ ਇਸ ਮਾਮਲੇ ਵਿੱਚ ਸੰਥਨ, ਮਰੂਗਨ, ਨਲਿਨੀ, ਰਾਬਰਟ ਪਾਇਸ, ਜੈਕੁਮਾਰ ਅਤੇ ਰਵੀਚੰਦਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।
ਪੇਰਾਰਿਵਲਨ ਨੇ ਆਪਣੀ ਰਿਹਾਈ ਵਿੱਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਸੀ। ਸਾਲ 2018 ‘ਚ ਤਾਮਿਲਨਾਡੂ ਸਰਕਾਰ ਨੇ ਉਸ ਦੀ ਰਿਹਾਈ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਮਾਮਲਾ ਕਾਨੂੰਨੀ ਉਲਝਣ ਵਿੱਚ ਫਸ ਗਿਆ। ਬੈਂਚ ਨੇ ਕਿਹਾ ਕਿ ਤਾਮਿਲਨਾਡੂ ਰਾਜ ਮੰਤਰੀ ਮੰਡਲ ਨੇ ਆਪਣੀ ਰਾਏ ਵਿੱਚ ਪੇਰਾਰਿਵਲਨ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਹੈ। ਤਾਮਿਲਨਾਡੂ ਦੇ ਰਾਜਪਾਲ ਦੁਆਰਾ ਸੰਵਿਧਾਨ ਦੀ ਧਾਰਾ 161 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਵਿੱਚ ਬਹੁਤ ਜ਼ਿਆਦਾ ਦੇਰੀ ਨਿਆਂਇਕ ਸਮੀਖਿਆ ਦੇ ਅਧੀਨ ਹੋ ਸਕਦੀ ਹੈ।
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਸਾਲ 1991 ਦੀਆਂ ਆਮ ਚੋਣਾਂ ਵਿੱਚ ਪ੍ਰਚਾਰ ਦੌਰਾਨ ਤਾਮਿਲਨਾਡੂ ਦੇ ਸ੍ਰੀਪੇਰੰਬਦੂਰ ਵਿੱਚ ਇੱਕ ਆਤਮਘਾਤੀ ਬੰਬ ਹਮਲੇ ਵਿੱਚ ਮਾਰੇ ਗਏ ਸਨ। ਇਸ ਤੋਂ ਬਾਅਦ ਪੇਰਾਰਿਵਲਨ ਨੂੰ 11 ਜੂਨ 1991 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੇਰਾਰਿਵਲਨ ਨੂੰ ਟਾਡਾ ਅਦਾਲਤ ਨੇ ਸਾਲ 1998 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਇਸ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। 1999 ਵਿੱਚ ਸੁਪਰੀਮ ਕੋਰਟ ਨੇ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਦਿੱਤਾ ਸੀ। ਹਾਲਾਂਕਿ ਇਸ ਤੋਂ ਬਾਅਦ ਸਾਲ 2014 ‘ਚ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲ ਦਿੱਤਾ ਗਿਆ ਸੀ।