India

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਭ੍ਰਿਸ਼ਟਾਚਾਰ ਮਾਮਲੇ ਵਿੱਚ ਜ਼ਮਾਨਤ ਲਈ ਦਾਇਰ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦਾ ਪੱਖ ਪੇਸ਼ ਕੀਤਾ।

ਕੇਜਰੀਵਾਲ ਦੇ ਵਕੀਲ ਨੇ ਜ਼ਮਾਨਤ ਲਈ ਦਿੱਤੀਆਂ ਇਹ ਦਲੀਲਾਂ

ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਕੇਜਰੀਵਾਲ ਦਾ ਨਾਂ ਆਬਕਾਰੀ ਨੀਤੀ ਮਾਮਲੇ ’ਚ ਸੀਬੀਆਈ ਵੱਲੋਂ ਦਰਜ ਐੱਫਆਈਆਰ ’ਚ ਨਹੀਂ ਹੈ। ਇਸ ਦੇ ਨਾਲ ਹੀ, ਹਾਲ ਹੀ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਸਮਾਜ ਲਈ ਖ਼ਤਰਾ ਨਹੀਂ ਹਨ। ਸਿੰਘਵੀ ਨੇ ਇਹ ਵੀ ਕਿਹਾ ਕਿ ਦੋ ਵਾਰ ਸੁਪਰੀਮ ਕੋਰਟ ਅਤੇ ਇੱਕ ਵਾਰ ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਸਿੰਘਵੀ ਮੁਤਾਬਕ ਇੱਕ ਵਾਰ ਸੁਪਰੀਮ ਕੋਰਟ ਨੇ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਸੀ ਅਤੇ ਇਕ ਵਾਰ ਈਡੀ ਦੇ ਮਨੀ ਲਾਂਡਰਿੰਗ ਮਾਮਲੇ ’ਚ ਵੀ ਕੇਜਰੀਵਾਲ ਨੂੰ ਜ਼ਮਾਨਤ ਮਿਲ ਚੁੱਕੀ ਹੈ। ਸਿੰਘਵੀ ਨੇ ਦਲੀਲ ਦਿੱਤੀ ਕਿ ਕੇਜਰੀਵਾਲ ਸੰਵਿਧਾਨਕ ਅਹੁਦੇ ’ਤੇ ਹਨ ਅਤੇ ਸਮਾਜ ਲਈ ਖ਼ਤਰਾ ਨਹੀਂ ਹਨ।

ਉਨ੍ਹਾਂ ਕਿਹਾ ਕਿ ਸੀਬੀਆਈ ਨੇ ਦੋ ਸਾਲਾਂ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਪਰ ਫਿਰ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕੇਜਰੀਵਾਲ ਦੀ ਗ੍ਰਿਫ਼ਤਾਰੀ ਇਕ ਤਰ੍ਹਾਂ ਨਾਲ ਬੀਮਾ ਗ੍ਰਿਫ਼ਤਾਰੀ ਸੀ। ਸੁਪਰੀਮ ਕੋਰਟ ਨੇ ਸੀਬੀਆਈ ਨੂੰ 23 ਅਗਸਤ ਨੂੰ ਕੇਜਰੀਵਾਲ ਦੀ ਜ਼ਮਾਨਤ ’ਤੇ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਸੀ। ਨਾਲ ਹੀ ਕੇਜਰੀਵਾਲ ਨੂੰ ਦੋ ਦਿਨਾਂ ਅੰਦਰ ਸੀਬੀਆਈ ਦੇ ਹਲਫ਼ਨਾਮੇ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ।

ਸੀਬੀਆਈ ਨੇ ਇਨ੍ਹਾਂ ਦਲੀਲਾਂ ਦੇ ਆਧਾਰ ’ਤੇ ਕੇਜਰੀਵਾਲ ਦੀ ਜ਼ਮਾਨਤ ਦਾ ਕੀਤਾ ਵਿਰੋਧ

ਸਿੰਘਵੀ ਦੀਆਂ ਦਲੀਲਾਂ ’ਤੇ ਸੀਬੀਆਈ ਦੀ ਨੁਮਾਇੰਦਗੀ ਕਰ ਰਹੇ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਪਹਿਲਾ ਇਤਰਾਜ਼ ਇਹ ਹੈ ਕਿ ਕੇਜਰੀਵਾਲ ਨੂੰ ਜ਼ਮਾਨਤ ਲਈ ਪਹਿਲਾਂ ਹੇਠਲੀ ਅਦਾਲਤ ’ਚ ਜਾਣਾ ਚਾਹੀਦਾ ਹੈ ਨਾ ਕਿ ਸਿੱਧੇ ਤੌਰ ’ਤੇ ਸੁਪਰੀਮ ਕੋਰਟ ’ਚ ਅਪੀਲ ਕਰਨੀ ਚਾਹੀਦੀ ਹੈ। ਰਾਜੂ ਨੇ ਕਿਹਾ ਕਿ ਲੱਗਦਾ ਹੈ ਕਿ ਕੇਜਰੀਵਾਲ ਕੋਈ ਖਾਸ ਵਿਅਕਤੀ ਹੈ ਜਿਸ ਲਈ ਵੱਖਰਾ ਤਰੀਕਾ ਅਪਣਾਇਆ ਜਾ ਰਿਹਾ ਹੈ।