The Khalas Tv Blog Punjab ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਮੰਗੀ ਤੁਲਨਾਤਮਕ ਰਿਪੋਰਟ
Punjab

ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਮੰਗੀ ਤੁਲਨਾਤਮਕ ਰਿਪੋਰਟ

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਬਾਰੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ, ਜਿਸ ਚ ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਤੁਲਨਾਤਮਕ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਿਤ ਸਾਰਿਆਂ ਮੌਜੂਦਾ ਅਤੇ ਪੁਰਾਣੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ। ਜਸਟਿਸ ਸੂਰਿਆ ਕਾਂਤ ਅਤੇ ਐਨਕੇ ਸਿੰਘ ਦੇ ਬੈਂਚ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਵਿਚ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਾਡੀ ਟੀਮ ਉਨ੍ਹਾਂ ਤੋਂ ਸਿਰਫ਼ 10 ਮੀਟਰ ਦੀ ਦੂਰੀ ‘ਤੇ ਹੈ। ਇਸ ‘ਤੇ ਜਸਟਿਸ ਸੂਰਿਆਕਾਂਤ ਨੇ ਪੁੱਛਿਆ ਕਿ ਤੁਸੀਂ ਕਹਿ ਰਹੇ ਹੋ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਡਾਕਟਰ ਉੱਥੇ ਹੈ। ਇਸ ‘ਤੇ ਕਪਿਲ ਸਿੱਬਲ ਨੇ ਜਵਾਬ ਦਿੱਤਾ ਕਿ ਡੱਲੇਵਾਲ ਨੇ ਸਾਨੂੰ ਖੂਨ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ‘ਤੇ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ (ਡਲੇਵਾਲ) ‘ਤੇ ਦਬਾਅ ਪਾ ਰਹੇ ਹਨ ਕਿ ਉਹ ਇਸ ਗੱਲ ਦਾ ਵਿਰੋਧ ਨਾ ਕਰਨ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਇਸ ‘ਤੇ ਸਿੱਬਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਹੈ ਪਰ ਪੰਜਾਬ ਦੇ ਮੁੱਖ ਸਕੱਤਰ ਦੇ ਹਲਫ਼ਨਾਮੇ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ। ਦੱਸ ਦੇਈਏ ਕਿ ਹੁਣ ਡੱਲੇਵਾਲ ਦੀ ਹਾਲਤ ਖਰਾਬ ਹੋ ਰਹੀ ਹੈ, ਉਨ੍ਹਾਂ ਨੂੰ ਪਾਣੀ ਪੀਣ ਵਿਚ ਦਿੱਕਤ ਆ ਰਹੀ ਹੈ, ਉਨ੍ਹਾਂ ਦਾ ਪੀਤਾ ਪਾਣੀ ਤੁਰੰਤ ਉਲ਼ਟੀਆਂ ਨਾਲ ਬਾਹਰ ਆ ਜਾਂਦਾ ਹੈ। ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਖਨੌਰੀ ਬਾਰਡਰ ‘ਤੇ 111 ਕਿਸਾਨਾਂ ਨੇ ਕਾਲੇ ਕੱਪੜੇ ਪਾ ਕੇ ਅੱਜ ਦੁਪਹਿਰ 2 ਵਜੇ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ – 40 ਮੁਕਤਿਆਂ ਦੀ ਯਾਦ ‘ਚ ਸਜਾਇਆ ਨਗਰ ਕੀਰਤਨ

 

Exit mobile version